ਨਵੀਂ ਦਿੱਲੀ, 9 ਜੂਨ
ਭਾਰਤ ਦੇ ਗੁਆਂਢੀ ਮੁਲਕਾਂ ਦੇ ਪ੍ਰਮੁੱਖ ਆਗੂਆਂ ਨੇ ਅੱਜ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਏ ਜਾਣ ਵਾਲੇ ਸਮਾਗਮ ’ਚ ਹਿੱਸਾ ਲਿਆ।
ਇਨ੍ਹਾਂ ’ਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’, ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ, ਮੌਰੀਸ਼ਸ਼ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੀ ਰਾਸ਼ਟਰਪਤੀ ਸ਼ੇਖ਼ ਹਸੀਨਾ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇਅ ਅਤੇ ਸੇਸ਼ਲਸ ਦੇ ਉਪ ਰਾਸ਼ਟਰਪਤੀ ਅਹਿਮਦ ਅਫ਼ੀਫ਼ ਸ਼ਾਮਲ ਹਨ। ਮੁਇਜ਼ੂ ਦਾ ਦੌਰਾ ਅਹਿਮੀਅਤ ਰਖਦਾ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅਤੇ ਮਾਲਦੀਵ ਦੇ ਸਬੰਧਾਂ ’ਚ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਮਾਲਦੀਵ ਦਾ ਪਿਛਲੇ ਸਾਲ 17 ਨਵੰਬਰ ਨੂੰ ਰਾਸ਼ਟਰਪਤੀ ਚੁਣੇ ਜਾਣ ਮਗਰੋਂ ਮੁਇਜ਼ੂ ਦਾ ਇਹ ਭਾਰਤ ਦਾ ਪਹਿਲਾ ਦੌਰਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ‘ਐਕਸ’ ’ਤੇ ਕਿਹਾ ਕਿ ਭਾਰਤ ਅਤੇ ਮਾਲਦੀਵ ਚੰਗੇ ਗੁਆਂਢੀ ਹਨ। ਮੁਇਜ਼ੂ ਨੇ ਆਪਣੇ ਬਿਆਨ ’ਚ ਕਿਹਾ ਕਿ ਉਹ ਮੋਦੀ ਨਾਲ ਕੰਮ ਕਰਨ ਅਤੇ ਭਾਰਤ ਨਾਲ ਸਬੰਧ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰਨਗੇ। ਮੋਦੀ ਵੱਲੋਂ ਵਿਦੇਸ਼ੀ ਆਗੂਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਉਧਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। -ਪੀਟੀਆਈ