ਮੈਸੂਰੂ, 27 ਸਤੰਬਰ
ਮੈਸੂਰੂ ਸ਼ਹਿਰੀ ਵਿਕਾਸ ਅਥਾਰਿਟੀ ਜ਼ਮੀਨ ਅਲਾਟਮੈਂਟ ਮਾਮਲੇ ’ਚ ਅਦਾਲਤ ਦੇ ਹੁਕਮਾਂ ਮਗਰੋਂ ਲੋਕਆਯੁਕਤ ਪੁਲੀਸ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਅਤੇ ਹੋਰਾਂ ਖ਼ਿਲਾਫ਼ ਅੱਜ ਐੱਫਆਈਆਰ ਦਰਜ ਕਰ ਲਈ ਹੈ। ਐੱਫਆਈਆਰ ’ਚ ਸਿੱਧਾਰਮੱਈਆ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਪਾਰਵਤੀ ਅਤੇ ਸਾਲੇ ਮਲਿਕਾਰਜੁਨ ਸਵਾਮੀ ਦਾ ਨਾਮ ਵੀ ਸ਼ਾਮਲ ਹੈ। ਐੱਮਪੀਜ਼/ ਐੱਮਐੱਲਏਜ਼ ਨਾਲ ਜੁੜੇ ਫ਼ੌਜਦਾਰੀ ਕੇਸਾਂ ਲਈ ਬਣੀ ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਭੱਟ ਨੇ ਬੁੱਧਵਾਰ ਨੂੰ ਲੋਕਆਯੁਕਤ ਪੁਲੀਸ ਨੂੰ ਸਿੱਧਾਰਮੱਈਆ ਖ਼ਿਲਾਫ਼ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਜਿਹੇ ‘ਸਿਆਸੀ ਕੇਸਾਂ’ ਤੋਂ ਡਰਨ ਵਾਲੇ ਨਹੀਂ ਹਨ। ਸਿੱਧਾਰਮੱਈਆ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਤੋਂ ਡਰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ’ਤੇ ਸੀਬੀਆਈ, ਈਡੀ ਅਤੇ ਰਾਜਪਾਲਾਂ ਦੀ ਦੁਰਵਰਤੋਂ ਕਰਨ ਦੇ ਦੇਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ’ਚ ਰਾਜਪਾਲਾਂ ਦੇ ਦਖ਼ਲ ਬਾਰੇ ਕੌਮੀ ਪੱਧਰ ’ਤੇ ਬਹਿਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਪਾਲਾਂ ਨੂੰ ਲੋਕ ਚੁਣ ਕੇ ਨਹੀਂ ਭੇਜਦੇ ਸਗੋਂ ਉਹ ਨਾਮਜ਼ਦ ਹੁੰਦੇ ਹਨ। ਉਧਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪਾਰਟੀ ਕਰਨਾਟਕ ਦੇ ਮੁੱਖ ਮੰਤਰੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਪੂਰੀ ਹਮਾਇਤ ਦੇਵੇਗੀ। ਖੜਗੇ ਨੇ ਕਿਹਾ ਕਿ ਸਿੱਧਾਰਮੱਈਆ ਦੇ ਅਸਤੀਫ਼ੇ ਦਾ ਸਵਾਲ ਪੈਦਾ ਨਹੀਂ ਹੁੰਦਾ ਹੈ। ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਲੋਕਾਯੁਕਤ ਪੁਲੀਸ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਨਾਲ ਪਾਰਟੀ ਨੂੰ ਕੋਈ ਨਮੋਸ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਤਾਕਤ ਦੀ ਦੁਰਵਰਤੋਂ ਕਰਨ ਤੋਂ ਰੋਕਣ ਲਈ ਸੂਬੇ ’ਚ ਜਾਂਚ ਦੀ ਖੁੱਲ੍ਹੀ ਸਹਿਮਤੀ ਵਾਪਸ ਲਈ ਗਈ ਹੈ।
-ਪੀਟੀਆਈ/ਆਈਏਐੱਨਐੱਸ