ਪੁਣੇ: ਬਸਪਾ ਮੁਖੀ ਮਾਇਆਵਤੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗੱਠਜੋੜ ’ਤੇ ਮਹਾਰਾਸ਼ਟਰ ਵਿੱਚ ਜਾਤ ਅਤੇ ਧਰਮ ਦੇ ਨਾਂ ’ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਟਿੱਪਣੀ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਸਪਾ ਉਮੀਦਵਾਰਾਂ ਲਈ ਪੁਣੇ ਵਿੱਚ ਚੋਣ ਪ੍ਰਚਾਰ ਦੌਰਾਨ ਕੀਤੀ। ਅੱਜ ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੇ ਲੋਕਾਂ ਨੂੰ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਨਕਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਣ ’ਤੇ ਹਰ ਭਾਈਚਾਰੇ ਨੂੰ ਇਨਸਾਫ਼ ਦਿਵਾਏਗੀ। ਸੱਤਾਧਾਰੀ ਗਠਜੋੜ ’ਤੇ ਸਿਆਸੀ ਲਾਭ ਲਈ ਜਾਤ ਅਤੇ ਧਰਮ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਬਸਪਾ ਸੁਪਰੀਮੋ ਨੇ ਕਿਹਾ, ‘ਚੋਣਾਂ ਵਿਚ ਉਮੀਦਵਾਰਾਂ ਨੂੰ ਟਿਕਟ ਦੇਣ ਵੇਲੇ ਜਾਤ ਨੂੰ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ।’ -ਪੀਟੀਆਈ