ਮੁੰਬਈ, 26 ਫਰਵਰੀ
ਸ਼ਿਵ ਸੈਨਾ ਨੇ ਅਹਿਮਦਾਬਾਦ ਦੇ ਸਰਦਾਰ ਪਟੇਲ ਸਟੇਡੀਅਮ ਦਾ ਨਾਮ ਬਦਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਸਬੰਧੀ ਅੱਜ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸ਼ਿਵ ਸੈਨਾ ਨੇ ਆਪਣੇ ਅਖ਼ਬਾਰ ‘ਸਾਮਨਾ’ ਦੀ ਸੰਪਾਦਕੀ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਗੈਰ-ਜ਼ਿੰਮੇਵਾਰ ਕਾਰਵਾਈਆਂ ਦਾ ਲਾਇਸੈਂਸ ਨਹੀਂ ਮਿਲਿਆ ਹੈ। ਸ਼ਿਵ ਸੈਨਾ ਨੇ ਕਿਹਾ ਕਿ ਹਾਲਾਂਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਪਾਰਟੀ ਅਤੇ ਗਾਂਧੀ-ਨਹਿਰੂ ਪਰਿਵਾਰ ’ਤੇ ਇਹ ਦੋਸ਼ ਲਾਏ ਜਾਂਦੇ ਰਹੇ ਹਨ ਕਿ ਉਹ ਇਤਿਹਾਸ ਵਿੱਚੋਂ ਸਰਦਾਰ ਵੱਲਭ ਭਾਈ ਪਟੇਲ ਦਾ ਨਾਮ ਮਿਟਾਉਣਾ ਚਾਹੁੰਦੇ ਹਨ, ਪਰ ਸਟੇਡੀਅਮ ਦਾ ਨਾਂ ਬਦਲਣ ਦੀ ਕਾਰਵਾਈ ਨੇ ਇਹ ਦਿਖਾ ਦਿੱਤਾ ਹੈ ਕਿ ਅਸਲ ਵਿੱਚ ਕੌਣ ਅਜਿਹਾ ਕਰਨਾ ਚਾਹੁੰਦਾ ਹੈ। ਸ਼ਿਵ ਸੈਨਾ ਨੇ ਕਿਹਾ, ‘‘ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੰਤਰੀ ਅਮਿਤ ਸ਼ਾਹ ਹਰੇਕ ਵੱਡੀ ਚੀਜ਼ ਗੁਜਰਾਤ ਵਿੱਚ ਹੀ ਸਥਾਪਤ ਕਰਨਾ ਚਾਹੁੰਦੇ ਹਨ। ਸ਼ਾਇਦ ਉਹ ਭੁੱਲ ਗਏ ਹਨ ਕਿ ਉਹ ਦੇਸ਼ ਦੀ ਨੁਮਾਇੰਦਗੀ ਕਰ ਰਹੇ ਹਨ। ਅਹਿਮਦਾਬਾਦ ਵਿੱਚ ਸਥਿਤ ਮੋਟੇਰਾ ਸਟੇਡੀਅਮ ਦਾ ਨਾਂ ਬਦਲ ਕੇ ਨਰਿੰਦਰ ਮੋਦੀ ਸਟੇਡੀਅਮ ਕਰ ਦਿੱਤਾ ਗਿਆ।’’ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮੋਦੀ ਜੀ ਮਹਾਨ ਆਗੂ ਹਨ ਪਰ ਜੇਕਰ ਉਨ੍ਹਾਂ ਦੇ ਅੰਨ੍ਹੇ ਭਗਤ ਇਹ ਮਹਿਸੂਸ ਕਰਦੇ ਹਨ ਕਿ ਉਹ ਮਹਾਤਮਾ ਗਾਂਧੀ, ਪੰਡਤ ਜਵਾਹਰ ਲਾਲ ਨਹਿਰੂ ਤੋਂ ਵੀ ਮਹਾਨ ਹਨ ਤਾਂ ਇਸ ਨੂੰ ਅੰਧਵਿਸ਼ਵਾਸ ਦਾ ਅਗਲਾ ਪੱਧਰ ਮੰਨ ਲਿਆ ਜਾਣਾ ਚਾਹੀਦਾ ਹੈ। -ਪੀਟੀਆਈ