ਨਵੀਂ ਦਿੱਲੀ/ਕੋਲਕਾਤਾ, 26 ਜੁਲਾਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਨੀਤੀ ਆਯੋਗ ਨੂੰ ਭੰਗ ਕਰ ਕੇ ਯੋਜਨਾ ਕਮਿਸ਼ਨ ਨੂੰ ਬਹਾਲ ਕਰਨਾ ਚਾਹੀਦਾ ਹੈ। ਉਹ ਭਲਕੇ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕੌਮੀ ਰਾਜਧਾਨੀ ਵਿੱਚ ਆਏ ਹਨ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ।
ਬੈਨਰਜੀ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇਕ ਵੀਡੀਓ ਵਿੱਚ ਮਮਤਾ ਕੇਜਰੀਵਾਲ ਦੇ ਮਾਪਿਆਂ ਦੇ ਪੈਰ ਛੂਹੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ, ਦਿੱਲੀ ਲਈ ਰਵਾਨਾ ਹੋਣ ਸਮੇਂ ਕੋਲਕਾਤਾ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ 27 ਜੁਲਾਈ ਨੂੰ ਦਿੱਲੀ ਵਿੱਚ ਨੀਤੀ ਆਯੋਗ ਦੀ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਮਮਤਾ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਭੇਦਭਾਵ ਵਾਲੇ ਬਜਟ ਪ੍ਰਸਤਾਵਾਂ ਅਤੇ ਬੰਗਾਲ ਤੇ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਹੋਰ ਸੂਬਿਆਂ ਵਿੱਚ ਫੁੱਟ ਪਾਉਣ ਦੀ ਸਾਜ਼ਿਸ਼ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਾਉਣਗੇ। -ਪੀਟੀਆਈ