ਨਵੀਂ ਦਿੱਲੀ, 17 ਅਗਸਤ
ਜੰਮੂ-ਕਸ਼ਮੀਰ ਅਪਨੀ ਪਾਰਟੀ ਦੇ ਉਪ ਪ੍ਰਧਾਨ ਚੌਧਰੀ ਜ਼ੁਲਫ਼ਕਾਰ ਅਲੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਇਹ ਚਰਚਾ ਹੈ ਕਿ ਉਹ ਅਗਲੇ ਮਹੀਨੇ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਪੇਸ਼ੇ ਵਜੋਂ ਵਕੀਲ ਜ਼ੁਲਫਕਾਰ ਅਲੀ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਟਿਕਟ ’ਤੇ 2008 ਅਤੇ 2014 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜੌਰੀ ਜ਼ਿਲ੍ਹੇ ਦੇ ਦਰਹਾਲ ਵਿਧਾਨ ਸਭਾ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਸੀ। ਉਹ 2015 ਤੋਂ 2018 ਤੱਕ ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਪੀਡੀਪੀ-ਭਾਜਪਾ ਗੱਠਜੋੜ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਸਨ। ਇਸ ਪਾਰਟੀ ਦੇ ਸਰਕਾਰ ਤੋਂ ਬਾਹਰ ਹੋਣ ਤੋਂ ਬਾਅਦ ਜੂਨ 2018 ਵਿੱਚ ਗੱਠਜੋੜ ਸਰਕਾਰ ਢਹਿ ਗਈ। ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਅਲਤਾਫ ਬੁਖਾਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੀਡੀਪੀ ਆਗੂਆਂ ਨੇ 2020 ਵਿੱਚ ਅਪਨੀ ਪਾਰਟੀ ਦੀ ਸਥਾਪਨਾ ਕੀਤੀ ਸੀ ਅਤੇ ਅਲੀ ਇਸ ਦੇ ਮੋਢੀ ਮੈਂਬਰਾਂ ਵਿੱਚੋਂ ਇੱਕ ਹਨ। ਭਾਜਪਾ ਦੇ ਇਕ ਆਗੂ ਨੇ ਕਿਹਾ ਕਿ ਅਲੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਦਿਆਂ ਵਿਧਾਨ ਸਭਾ ਚੋਣਾਂ ਸਣੇ ਜੰਮੂ-ਕਸ਼ਮੀਰ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਉਸ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਉਸ ਦੇ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ 18, 25 ਸਤੰਬਰ ਅਤੇ ਪਹਿਲੀ ਅਕਤੂਬਰ ਨੂੰ ਤਿੰਨ ਪੜਾਵਾਂ ’ਚ ਕਰਵਾਉਣ ਦਾ ਐਲਾਨ ਕੀਤਾ ਹੈ। ਇੱਥੇ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਪੀਟੀਆਈ