ਮਨਧੀਰ ਸਿੰਘ ਦਿਓਲ/ ਪੀਟੀਆਈ
ਨਵੀਂ ਦਿੱਲੀ, 19 ਜੁਲਾਈ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਲਈ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 23 ਮਈ ਨੂੰ ਮਨੀਸ਼ ਸਿਸੋਦੀਆ ਨਾਲ ਸੁਰੱਖਿਆ ਏਜੰਸੀਆਂ ਵੱਲੋਂ ਕੀਤੇ ਗਏ ਕਥਿਤ ਦੁਰਵਿਹਾਰ ਦੀ ਸੀਸੀਟੀਵੀ ਫੁਟੇਜ ਉਸ ਨੂੰ ਪੈੱਨ ਡਰਾਈਵ ਵਿੱਚ ਮੁਹੱਈਆ ਕਰਵਾਈ ਜਾਵੇ। ਇਸ ਫੁਟੇਜ ਦੀ ਇਕ ਕਾਪੀ ਅਦਾਲਤ ਦੇ ਰੀਡਰ ਤੇ ਮਨੀਸ਼ ਸਿਸੋਦੀਆ ਦੇ ਵਕੀਲ ਨੂੰ ਵੀ ਦਿੱਤੀ ਜਾਵੇ। ਕਾਬਿਲੇਗੌਰ ਹੈ ਕਿ ਮਨੀਸ਼ ਸਿਸੋਦੀਆ ਨੇ ਪੁਲੀਸ ’ਤੇ ਦੁਰਵਿਹਾਰ ਦਾ ਦੋਸ਼ ਲਗਾਉਂਦੇ ਹੋਏ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸ ਕੇਸ ਦੀ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ।
ਇਸੇ ਦੌਰਾਨ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਨਾਲ ਸਬੰਧਤ ਇਕ ਹੋਰ ਮੁਲਜ਼ਮ ਤੇ ‘ਆਪ’ ਆਗੂ ਅਮਿਤ ਅਰੋੜਾ ਦੀ ਮੈਡੀਕਲ ਰਿਪੋਰਟ ਵੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।