ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੂਨ
ਹਰਿਆਣਾ ਦੇ ਤੋਸ਼ਾਮ ਤੋਂ ਵਿਧਾਇਕਾ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਤੇ ਸਾਬਕਾ ਸੰਸਦ ਮੈਂਬਰ ਸ਼ਰੁਤੀ ਚੌਧਰੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਸਥਿਤ ਭਾਰਤੀ ਜਨਤਾ ਪਾਰਟੀ ਦਫ਼ਤਰ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਹਰਿਆਣਾ ਦੀਆਂ ਲੋਕ ਸਭਾ ਚੋਣਾਂ ਦੇ ਸਹਿ-ਇੰਚਾਰਜ ਰਹੇ ਸਾਬਕਾ ਸੰਸਦ ਮੈਂਬਰ ਸੁਰਿੰਦਰ ਨਾਗਰ ਅਤੇ ਸਾਬਕਾ ਸੰਸਦ ਮੈਂਬਰ ਅਨੁਰਾਧਾ ਚੌਧਰੀ ਨੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਦੋਵਾਂ ਆਗੂਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਲਈ ਵਧਾਈ ਦਿੱਤੀ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਚੌਧਰੀ ਬੰਸੀ ਲਾਲ ਪਰਿਵਾਰ ਦਾ ਸਾਰਾ ਸਮਾਂ ਹਰਿਆਣਾ ਦੀ ਰਾਜਨੀਤੀ ਨੂੰ ਸਮਰਪਿਤ ਰਿਹਾ ਹੈ ਤੇ ਪਰਿਵਾਰ ਦਾ ਹਰਿਆਣਾ ਦੀ ਰਾਜਨੀਤੀ ’ਤੇ ਵਿਸ਼ੇਸ਼ ਪ੍ਰਭਾਵ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਰਨ ਚੌਧਰੀ ਅਤੇ ਸ਼ਰੁਤੀ ਚੌਧਰੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਪੂਰਾ ਸਨਮਾਨ ਮਿਲੇਗਾ।
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਜਦੋਂ ਹਰਿਆਣਾ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ। ਖੱਟਰ ਨੇ ਕਿਹਾ ਕਿ ਉਨ੍ਹਾਂ ਸਾਢੇ ਨੌਂ ਸਾਲ ਹਰਿਆਣਾ ਦਾ ਮੁੱਖ ਮੰਤਰੀ ਰਹਿੰਦਿਆਂ ਕਿਰਨ ਚੌਧਰੀ ਦੇ ਕੰਮ ਕਰਨ ਦੇ ਤਰੀਕੇ ਨੂੰ ਦੇਖਿਆ ਹੈ। ਕਿਰਨ ਚੌਧਰੀ ਭਾਵੇਂ ਸਰੀਰਕ ਤੌਰ ’ਤੇ ਕਾਂਗਰਸ ਵਿਚ ਰਹੀ ਹੋਵੇ, ਪਰ ਉਹ ਹਮੇਸ਼ਾ ਹੀ ਸੂਬਾ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਰਹੀ, ਇਸ ਲਈ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਦਾ ਮਨ ਪਹਿਲਾਂ ਤੋਂ ਹੀ ਭਾਜਪਾ ਦੀਆਂ ਨੀਤੀਆਂ ਵਿਚ ਸੀ।
ਪੰਜ ਵਾਰ ਵਿਧਾਇਕਾ ਰਹਿ ਚੁੱਕੀ ਕਿਰਨ ਚੌਧਰੀ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਕੰਮ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਪਰਚੀ-ਖਰਚ ਪ੍ਰਣਾਲੀ ਨੂੰ ਖਤਮ ਕਰਕੇ ਨਵੀਂ ਦਿਸ਼ਾ ਦਿੱਤੀ ਹੈ। ਚੌਧਰੀ ਨੇ ਕਿਹਾ ਕਿ ਕਰੀਬ 20 ਸਾਲ ਪਹਿਲਾਂ ਉਨ੍ਹਾਂ ਨੇ ਹਰਿਆਣਾ ਵਿਕਾਸ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ ਸੀ, ਹੁਣ ਉਹ ਇਸ ਨੂੰ ਛੱਡ ਚੁੱਕੇ ਹਨ। ਸਾਬਕਾ ਸੰਸਦ ਮੈਂਬਰ ਸ਼ਰੁਤੀ ਚੌਧਰੀ ਨੇ ਕਿਹਾ ਕਿ ਚੌਧਰੀ ਬੰਸੀ ਲਾਲ ਅਤੇ ਚੌਧਰੀ ਸੁਰਿੰਦਰ ਸਿੰਘ ਨੇ ਹਰਿਆਣਾ ਦੇ ਵਿਕਾਸ ਲਈ ਕੰਮ ਕੀਤਾ।
ਕਾਂਗਰਸ ਵੱਲੋਂ ਕਿਰਨ ਚੌਧਰੀ ਨੂੰ ਅਯੋਗ ਠਹਿਰਾਉਣ ਦੀ ਮੰਗ
ਚੰਡੀਗੜ੍ਹ: ਹਰਿਆਣਾ ਕਾਂਗਰਸ ਨੇ ਅਸੈਂਬਲੀ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਿਰਨ ਚੌਧਰੀ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਪਾਰਟੀ ਦੇ ਉਪ ਆਗੂ ਆਫ਼ਤਾਬ ਅਹਿਮਦ ਤੇ ਪਾਰਟੀ ਦੇ ਚੀਫ਼ ਵ੍ਹਿਪ ਬੀ.ਬੀ. ਬੱਤਰਾ ਨੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਰਨ ਚੌਧਰੀ ਕਾਂਗਰਸ ਪਾਰਟੀ ਦੀ ਟਿਕਟ ’ਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਚੁਣੀ ਗਈ ਸੀ, ਪਰ ਹੁਣ ਉਹ ਖ਼ੁਦ ਆਪਣੀ ਮੈਂਬਰਸ਼ਿਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਜਿਸ ਕਰਕੇ 10ਵੇਂ ਸ਼ਡਿਊਲ ਵਿਚਲੀਆਂ ਵਿਵਸਥਾਵਾਂ ਤਹਿਤ ਉਨ੍ਹਾਂ ਨੂੰ ਅਯੋਗ ਐਲਾਨਿਆ ਜਾਵੇ। ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਤੇ ਉਨ੍ਹਾਂ ਦੀ ਧੀ ਤੇ ਸਾਬਕਾ ਐੱਮਪੀ ਸ਼ਰੁਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਮੌਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਅਸਿੱਧੇ ਹਵਾਲੇ ਨਾਲ ਕਿਹਾ ਸੀ ਕਿ ਕਾਂਗਰਸ ਦੇ ਪ੍ਰਦੇਸ਼ ਇਕਾਈ ਨੂੰ ‘ਨਿੱਜੀ ਜਗੀਰ’ ਵਜੋਂ ਚਲਾਇਆ ਜਾ ਰਿਹਾ ਹੈ। -ਪੀਟੀਆਈ