ਨਵੀਂ ਦਿੱਲੀ, 9 ਜੂਨ
ਪ੍ਰਧਾਨ ਮੰਤਰੀ ਵਜੋਂ ਹਲਫ਼ ਲਏ ਜਾਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਸੰਭਾਵੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸੀਹਤ ਦਿੱਤੀ ਕਿ ਉਨ੍ਹਾਂ ਨੂੰ ਨਿਮਰ ਰਹਿਣਾ ਚਾਹੀਦਾ ਹੈ ਕਿਉਂਕਿ ਆਮ ਲੋਕ ਇਹੀ ਪਸੰਦ ਕਰਦੇ ਹਨ। ਮੋਦੀ ਨੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਦੇ ਕੋਈ ਸਮਝੌਤਾ ਨਾ ਕਰਨ ਦੀ ਵੀ ਸਲਾਹ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਸੰਭਾਵੀ ਮੰਤਰੀਆਂ ਨਾਲ ਮੁਲਾਕਾਤ ਕਰਦਿਆਂ ਮੋਦੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਅਤੇ ਸਾਰਿਆਂ ਨੂੰ ਇਸ ਨੂੰ ਪੂਰਾ ਕਰਨਾ ਪਵੇਗਾ। ਮੋਦੀ ਨੇ ਅੱਜ ਨਵੇਂ ਚੁਣੇ ਗਏ ਮੰਤਰੀ ਮੰਡਲ ਦੇ ਕਈ ਸੀਨੀਅਰ ਨੇਤਾਵਾਂ ਅਤੇ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਨੇਤਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਤੁਹਾਨੂੰ ਜੋ ਵੀ ਕੰਮ ਸੌਂਪਿਆ ਜਾਵੇਗਾ, ਉਸ ਨੂੰ ਇਮਾਨਦਾਰੀ ਨਾਲ ਕਰੋ ਅਤੇ ਨਿਮਰ ਰਹੋ ਕਿਉਂਕਿ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਜੋ ਨਿਮਰ ਹੁੰਦੇ ਹਨ।’’ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਕਿਹਾ ਕਿ ਉਹ ਸਾਰੇ ਸੰਸਦ ਮੈਂਬਰਾਂ ਨੂੰ ਸਨਮਾਨ ਦੇਣ ਭਾਵੇਂ ਉਹ ਕਿਸੇ ਵੀ ਪਾਰਟੀ ਦੇ ਹੋਣ ਕਿਉਂਕਿ ਸਾਰਿਆਂ ਨੂੰ ਲੋਕਾਂ ਨੇ ਚੁਣਿਆ ਹੈ। ਉਨ੍ਹਾਂ ਨੇਤਾਵਾਂ ਨਾਲ ਚਾਹ ’ਤੇ ਚਰਚਾ ਦੌਰਾਨ ਕਿਹਾ, ‘‘ਤੁਸੀਂ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਸਮਝੌਤਾ ਨਹੀਂ ਕਰ ਸਕਦੇ।’’ ਸਾਲ 2014 ਵਿੱਚ ਮੋਦੀ ਜਦੋਂ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਸੀ, ਉਦੋਂ ਤੋਂ ਇਹ ਰਵਾਇਤ ਬਣ ਗਈ ਹੈ ਕਿ ਮੋਦੀ ਮੰਤਰੀ ਮੰਡਲ ਦੇ ਗਠਨ ਤੋਂ ਪਹਿਲਾਂ ਨੇਤਾਵਾਂ ਨੂੰ ਚਾਹ ’ਤੇ ਬੁਲਾਉਂਦੇ ਹਨ। ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਪਿਊਸ਼ ਗੋਇਲ, ਅਸ਼ਵਨੀ ਵੈਸ਼ਨਵ, ਨਿਰਮਲਾ ਸੀਤਾਰਮਨ ਅਤੇ ਮਨਸੁਖ ਮਾਂਡਵੀਆ ਵਰਗੇ ਸੀਨੀਅਰ ਨੇਤਾ ਹਾਜ਼ਰ ਸਨ। -ਪੀਟੀਆਈ