ਨਵੀਂ ਦਿੱਲੀ, 20 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਨਿਊਜ਼ੀਲੈਂਡ ਦੇ ਹਮਰੁਤਬਾ ਕ੍ਰਿਸਟੋਫਰ ਲੁਕਸਨ ਨੇ ਮੁੜ ਸੱਤਾ ਵਿੱਚ ਆਉਣ ’ਤੇ ਵਧਾਈ ਦਿੱਤੀ। ਦੋਵਾਂ ਨੇਤਾਵਾਂ ਨੇ ਵਪਾਰ ਅਤੇ ਆਰਥਿਕ ਸਹਿਯੋਗ, ਪਸ਼ੂ ਪਾਲਣ, ਸਿੱਖਿਆ ਅਤੇ ਪੁਲਾੜ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ’ਤੇ ਸਹਿਮਤੀ ਜਤਾਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਅਨੁਸਾਰ ਦੋਵਾਂ ਨੇਤਾਵਾਂ ਨੇ ਕਿਹਾ ਕਿ ਭਾਰਤ-ਨਿਊਜ਼ੀਲੈਂਡ ਸਬੰਧ ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਲੋਕਾਂ ਵਿਚਕਾਰ ਨੇੜਲੇ ਸਬੰਧਾਂ ’ਤੇ ਆਧਾਰਿਤ ਹਨ ਅਤੇ ਉਨ੍ਹਾਂ ਆਉਣ ਵਾਲੇ ਸਾਲਾਂ ਦੌਰਾਨ ਦੁਵੱਲੇ ਸਬੰਧਾਂ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਦੀ ਵਚਨਬੱਧਤਾ ਦੁਹਰਾਈ। ਬਿਆਨ ਵਿੱਚ ਕਿਹਾ ਗਿਆ, ‘‘ਦੋਵਾਂ ਧਿਰਾਂ ਨੇ ਵਪਾਰ ਅਤੇ ਆਰਥਿਕ ਸਹਿਯੋਗ, ਪਸ਼ੂਪਾਲਣ, ਫਾਰਮਾਸਿਊਟੀਕਲ, ਸਿੱਖਿਆ, ਪੁਲਾੜ ਸਣੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਸਹਿਮਤੀ ਜ਼ਾਹਿਰ ਕੀਤੀ।’’ ਮੋਦੀ ਨੇ ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਦੇਖਭਾਲ ਲਈ ਲੁਕਸਨ ਦਾ ਧੰਨਵਾਦ ਕੀਤਾ। ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਕ੍ਰਿਸਟੋਫਰ ਲੁਕਸਨ ਦਾ ਉਨ੍ਹਾਂ ਦੀ ਫੋਨ ਕਾਲ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦਾ ਹਾਂ। ਉਨ੍ਹਾਂ ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਅੱਗੇ ਵਧਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ।’’ -ਪੀਟੀਆਈ