ਨਵੀਂ ਦਿੱਲੀ, 7 ਮਈ
ਕਾਂਗਰਸ ਆਗੂ ਸੋਨੀਆ ਗਾਂਧੀ ਨੇ ਅੱਜ ਕਰੋਨਾ ਮਹਾਮਾਰੀ ਨਾਲ ਨਜਿੱਠਣ ’ਚ ਨਾਕਾਮ ਰਹਿਣ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਬੰਧ ਨਾਕਾਮ ਨਹੀਂ ਹੋਇਆ ਪਰ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਮੌਜੂਦਾ ਕਰੋਨਾ ਹਾਲਾਤ ਨੂੰ ਦੇਖਦਿਆਂ ਤੁਰੰਤ ਸਰਬ-ਪਾਰਟੀ ਮੀਟਿੰਗ ਬੁਲਾਏ ਜਾਣ ਦੀ ਮੰਗ ਕੀਤੀ। ਅੱਜ ਇੱਥੇ ਕਾਂਗਰਸ ਦੀ ਪਾਰਲੀਮਾਨੀ ਪਾਰਟੀ (ਸੀਪੀਪੀ) ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਖ਼ਿਲਾਫ਼ ਜੰਗ ਸਿਆਸੀ ਵਖਰੇਵਿਆਂ ਤੋਂ ਉੱਪਰ ਉਠ ਕੇ ਲੜੀ ਜਾਣੀ ਚਾਹੀਦੀ ਹੈ ਅਤੇ ਹਰ ਕਿਸੇ ਨੂੰ ਇਕਜੁੱਟ ਹੋ ਕੇ ਇਸ ਨਾਲ ਨਜਿੱਠਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦਿਆਂ ਸ੍ਰੀਮਤੀ ਗਾਂਧੀ ਨੇ ਕਿਹਾ ਕਿ ਦੇਸ਼ ਨੂੰ ਅਜਿਹੀ ਸਿਆਸੀ ਲੀਡਰਸ਼ਿਪ ਨੇ ਨਕਾਰਾ ਕਰ ਦਿੱਤਾ ਹੈ ਜਿਸ ਨੂੰ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਥਾਈ ਕਮੇਟੀ ਦੀ ਮੀਟਿੰਗ ਜਲਦੀ ਬੁਲਾਈ ਜਾਵੇ ਤਾਂ ਜੋ ਮਹਾਮਾਰੀ ਨਾਲ ਬਿਹਤਰ ਢੰਗ ਨਾਲ ਨਜਿੱਠਣ ਲਈ ਕਦਮ ਚੁੱਕਣ ਤੇ ਜਵਾਬਦੇਹੀ ਤੈਅ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਮੀਟਿੰਗ ’ਚ ਸ਼ਾਮਲ ਸੰਸਦ ਮੈਂਬਰਾਂ ਨੂੰ ਕਿਹਾ, ‘ਸਾਨੂੰ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਸਿਸਟਮ ਨਾਕਾਮ ਨਹੀਂ ਹੋਇਆ ਹੈ। ਮੋਦੀ ਸਰਕਾਰ ਦੇਸ਼ ਦੀ ਤਾਕਤ ਤੇ ਸਰੋਤਾ ਦੀ ਉਸਾਰੂ ਢੰਗ ਨਾਲ ਵਰਤੋਂ ਨਹੀਂ ਕਰ ਸਕੀ। ਮੈਂ ਇਹ ਕਹਾਂਗੀ ਕਿ ਭਾਰਤ ਨੂੰ ਇੱਕ ਅਜਿਹੀ ਸਿਆਸੀ ਅਗਵਾਈ ਨੇ ਨਕਾਰਾ ਕਰ ਛੱਡਿਆ ਹੈ ਜਿਸ ਨੂੰ ਦੇਸ਼ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਮੋਦੀ ਸਰਕਾਰ ਨੇ ਸਾਡੇ ਦੇਸ਼ ਦੇ ਲੋਕਾਂ ਨੂੰ ਨਾਕਾਮ ਕਰ ਦਿੱਤਾ ਹੈ।’ ਉਨ੍ਹਾਂ ਕਿਹਾ ਕਿ ਕਾਂਗਰਸ ਦ੍ਰਿੜ੍ਹਤਾ ਨਾਲ ਮੰਨਦੀ ਹੈ ਕਿ ਸਾਡੀ ਲੜਾਈ ਸਰਕਾਰ ਨਾਲ ਨਹੀਂ ਬਲਕਿ ਕਰੋਨਾਵਾਇਰਸ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਜੰਗ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਹੈ। ਉਨ੍ਹਾਂ ਨੂੰ ਇਕ ਮੁਲਕ ਬਣ ਕੇ ਇਸ ਖ਼ਿਲਾਫ਼ ਲੜਨਾ ਪਵੇਗਾ। ਇਸ ਲਈ ਸਭ ਤੋਂ ਪਹਿਲਾਂ ਮੋਦੀ ਸਰਕਾਰ ਨੂੰ ਸਰਬ-ਪਾਰਟੀ ਮੀਟਿੰਗ ਬੁਲਾ ਕੇ ਕੋਵਿਡ-19 ਦੇ ਹਾਲਾਤ ਬਾਰੇ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਕਿਹਾ ਕਿ ਸਥਾਈ ਕਮੇਟੀ ਵੱਲੋਂ ਅਕਤੂਬਰ 2020 ’ਚ ਪੇਸ਼ ਕੀਤੀ ਸਿਹਤ ਸਬੰਧੀ ਰਿਪੋਰਟ ਪ੍ਰੀਜ਼ਾਈਡਿੰਗ ਅਫਸਰ ਦੇ ਧਿਆਨ ’ਚ ਲਿਆਂਦੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾਵੇ। -ਪੀਟੀਆਈ
‘ਚੋਣਾਂ ’ਚ ਪਾਰਟੀ ਦੀ ਹਾਰ ਤੋਂ ਸਬਕ ਸਿੱਖਣ ਦੀ ਲੋੜ’
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਚਾਰ ਸੂਬਿਆਂ ਤੇ ਇੱਕ ਯੂਟੀ ’ਚ ਹਾਲ ਹੀ ’ਚ ਮੁਕੰਮਲ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਇਸ ਹਾਰ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ’ਚ ਅਸਾਮ, ਕੇਰਲਾ, ਪੱਛਮੀ ਬੰਗਾਲ, ਤਾਮਿਲ ਨਾਡੂ ਤੇ ਪੁੱਡੂਚੇਰੀ ਦੇ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਪੱਛਮੀ ਬੰਗਾਲ, ਤਾਮਿਲ ਨਾਡੂ ਤੇ ਕੇਰਲਾ ’ਚ ਜਿੱਤ ਲਈ ਮਮਤਾ ਬੈਨਰਜੀ, ਐੱਮਕੇ ਸਟਾਲਿਨ ਤੇ ਖੱਬੀਆਂ ਪਾਰਟੀਆਂ ਨੂੰ ਵਧਾਈ ਦਿੱਤੀ।