ਸਿਡਨੀ, 14 ਅਕਤੂਬਰ
ਆਸਟਰੇਲੀਆ ਵਿੱਚ 28 ਸਾਲਾ ਭਾਰਤੀ ਵਿਦਿਆਰਥੀ ਨੂੰ ਲੁੱਟਣ ਦੀ ਨੀਅਤ ਨਾਲ ਹਮਲਾਵਰ ਵੱਲੋਂ ਚਿਹਰੇ, ਛਾਤੀ ਅਤੇ ਪੇਟ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਸਥਾਨਕ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਜਿੱਠਣ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਐੱਨਐੱਸਡਬਲਿਊ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ 6 ਅਕਤੂਬਰ ਦੀ ਰਾਤ ਕਰੀਬ 10:30 ਵਜੇ ਦੇ ਕਰੀਬ ਪੈਸੇਫਿਕ ਹਾਈਵੇਅ ’ਤੇ ਪੈਦਲ ਜਾਂਦੇ ਸ਼ੁਭਮ ਗਰਗ ’ਤੇ ਹਮਲਾ ਹੋਇਆ। ਉਸ ਦੇ ਚਿਹਰੇ, ਛਾਤੀ ਅਤੇ ਪੇਟ ’ਤੇ ਵਾਰ ਕੀਤੇ ਗਏ। ‘ਡੇਲੀ ਟੈਲੀਗ੍ਰਾਫ’ ਅਖਬਾਰ ਦੀ ਰਿਪੋਰਟ ਅਨੁਸਾਰ ਪੁਲੀਸ ਨੇ 27 ਸਾਲਾ ਮਸ਼ਕੂਕ ਡੈਨੀਅਲ ਨੌਰਵੁੱਡ ਨੂੰ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਬਿਆਨ ਵਿੱਚ ਕਿਹਾ, ‘‘ਹਮਲੇ ਦੌਰਾਨ ਜ਼ਖ਼ਮੀ ਹੋਏ ਗਰਗ ਨੇ ਨੇੜਲੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਤੋਂ ਮਦਦ ਮੰਗੀ ਅਤੇ ਮਗਰੋਂ ਉਸ ਨੂੰ ਰੌਇਲ ਨੌਰਥ ਸ਼ੋਰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦਾ ਅਪਰੇਸ਼ਨ ਕੀਤਾ ਗਿਆ। ਉਸ ਦੀ ਹਾਲਤ ਗੰਭੀਰ ਪਰ ਸਥਿਰ ਹੈ।’’‘ਦਿ ਕੋਵ’ ਅਖਬਾਰ ਦੀ ਰਿਪੋਰਟ ਮੁਤਾਬਕ ਛੇ ਅਕਤੂਬਰ ਨੂੰ ਪੈਸੇਫਿਕ ਹਾਈਵੇਅ ਲੇਨ ਕੋਵ ਨੇੜੇ ਗਰਗ ਕੋਲ ਇਕ ਅਣਪਛਾਤੇ ਵਿਅਕਤੀ ਨੇ ਆ ਕੇ ਪੈਸੇ ਮੰਗਦਿਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਰਿਪੋਰਟ ਮੁਤਾਬਕ ਭਾਰਤੀ ਵਿਦਿਆਰਥੀ ਨੇ ਜਦੋਂ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਹਮਲਾਵਰ ਉਸ ’ਤੇ ਚਾਕੂ ਨਾਲ ਕਈ ਵਾਰ ਕਰ ਕੇ ਫਰਾਰ ਹੋ ਗਿਆ। ਇਸ ਮਗਰੋਂ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਅਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੇ ਆਧਾਰ ’ਤੇ ਨੌਰਵੁੱਡ ਨੂੰ ਗ੍ਰਿਫਤਾਰ ਕਰਕੇ ਚੈਟਸਵੁੱਡ ਥਾਣੇ ਲਿਜਾਇਆ ਗਿਆ ਅਤੇ ਉਸ ’ਤੇ ਕਤਲ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। ਮੁਲਜ਼ਮ ਦੇ ਘਰੋਂ ਬਰਾਮਦ ਹੋਈਆਂ ਵਸਤੂਆਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਮੁਲਜ਼ਮ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟ ਅਨੁਸਾਰ ਪੁਲੀਸ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਤੋਂ ਪਹਿਲਾਂ ਇਹ ਇੱਕ-ਦੂਜੇ ਨੂੰ ਜਾਣਦੇ ਨਹੀਂ ਸਨ। -ਪੀਟੀਆਈ
ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਉਮੀਦ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਇਸ ਘਟਨਾ ਸਬੰਧੀ ਕੈਨਬਰਾ ਵਿੱਚ ਹਾਈ ਕਮਿਸ਼ਨ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਦੱਸਿਆ ਕਿ ਇਸ ਸਬੰਧੀ ਇੱਕ ਮਸ਼ਕੂਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦੁਖਦਾਈ ਘਟਨਾ ਹੈ। ਉਹ (ਗਰਗ) ਹਸਪਤਾਲ ਵਿੱਚ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।’’ ਉਨ੍ਹਾਂ ਦੱਸਿਆ ਕਿ ਭਾਰਤੀ ਮਿਸ਼ਨ ਗਰਗ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਜਲਦੀ ਆਸਟਰੇਲੀਆ ਭੇਜਣ ਲਈ ਮਦਦ ਕੀਤੀ ਜਾ ਰਹੀ ਹੈ। ਜਦੋਂ ਬਾਗਚੀ ਨੂੰ ਪੁੱਛਿਆ ਗਿਆ ਕਿ ਕੀ ਇਹ ਨਸਲੀ ਹਮਲਾ ਸੀ ਤਾਂ ਉਨ੍ਹਾਂ ਕਿਹਾ, ‘‘ਮੈਂ ਕਿਆਸ ਨਹੀਂ ਲਾਉਣਾ ਚਾਹੁੰਦਾ, ਫਿਲਹਾਲ ਧਿਆਨ ਉਸ ਦੇ ਇਲਾਜ ’ਤੇ ਹੈ।’’ -ਪੀਟੀਆਈ