ਚੰਡੀਗੜ੍ਹ (ਟ੍ਰਿਬਿਊਨ ਨਿਊਜ ਸਰਵਿਸ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਫਾਈ ਪੇਸ਼ ਕਰਦਿਆਂ ਕਿਹਾ ਕਿ ਯੂਪੀ, ਬਿਹਾਰ ਅਤੇ ਹੋਰ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਪਰਵਾਸੀਆਂ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ ਜਿਨ੍ਹਾਂ ਪੰਜਾਬ ਦੇ ਵਿਕਾਸ ਵਿਚ ਯੋਗਦਾਨ ਪਾਇਆ ਹੈ। ਚੇਤੇ ਰਹੇ ਕਿ ਚੰਨੀ ਵੱਲੋਂ ਪਰਵਾਸੀਆਂ ਬਾਰੇ ਦਿੱਤੇ ਗਏ ਬਿਆਨ ’ਤੇ ਰੌਲਾ ਪੈ ਗਿਆ ਹੈ ਅਤੇ ਵਿਰੋਧੀ ਧਿਰਾਂ ਨੇ ਇਸ ਨੂੰ ਚੋਣਾਂ ’ਚ ਮੁੱਦਾ ਬਣਾ ਲਿਆ ਹੈ। ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੋੜ ਕੇ ਪੇਸ਼ ਕੀਤਾ ਗਿਆ ਹੈ ਜਦੋਂ ਕਿ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਪਰਵਾਸੀਆਂ ਦਾ ਵੀ ਪੰਜਾਬ ਓਨਾ ਹੀ ਹੈ, ਜਿਨ੍ਹਾਂ ਉਨ੍ਹਾਂ ਦਾ ਆਪਣਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਭਰਾਵਾਂ ਨੂੰ ਅਪੀਲ ਕਰਦੇ ਹਨ ਕਿ ਅਰਵਿੰਦ ਕੇਜਰੀਵਾਲ ਵਰਗੇ ਲੋਕਾਂ ਨੂੰ ਆਪਣੇ ਨਾਲ ਜੋੜ ਕੇ ਨਾ ਦੇਖਣ। ਚੰਨੀ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ, ਦੁਰਗੇਸ਼ ਪਾਠਕ ਅਤੇ ਸੰਜੈ ਸਿੰਘ ਆਦਿ ਵਰਗੇ ਲੋਕਾਂ ਬਾਰੇ ਗੱਲ ਕੀਤੀ ਸੀ ਜੋ ਪੰਜਾਬ ਵਿਚ ਆ ਕੇ ਖਲਲ ਪਾਉਂਦੇ ਹਨ।