ਮੁੰਬਈ, 3 ਜੁਲਾਈ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਕੋਲ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਚ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਅਜੀਤ ਪਵਾਰ ਅਤੇ ਮੰਤਰੀ ਬਣੇ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਜਾਵੇ। ਸੂਤਰਾਂ ਮੁਤਾਬਕ ਜਤਿੰਦਰ ਆਵਹਾਡ ਨੇ ਐਤਵਾਰ ਦੇਰ ਰਾਤ ਇਹ ਪਟੀਸ਼ਨ ਨਾਰਵੇਕਰ ਦੇ ਘਰ ਭੇਜ ਦਿੱਤੀ। ਅਜੀਤ ਪਵਾਰ ਦੇ ਸੱਤਾਧਾਰੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਬਾਅਦ ਐੱਨਸੀਪੀ ਦੁਆਰਾ ਆਵਹਾਡ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ, ਜਦੋਂ ਨਾਰਵੇਕਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਪਟੀਸ਼ਨ ਮਿਲਣ ਦੀ ਪੁਸ਼ਟੀ ਕੀਤੀ।