ਨਵੀਂ ਦਿੱਲੀ, 24 ਜੂਨ
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਗਈ ਨੀਟ-ਯੂਜੀ ਪ੍ਰੀਖਿਆ ’ਚ ਕਥਿਤ ਬੇਨੇਮੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ‘‘ਲੁਕਾਉਣ ਲਈ ਕੁਝ ਵੀ ਨਹੀਂ’’ ਹੈ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ। ਪਾਸਵਾਨ ਨੇ ਕਿਹਾ, ‘‘ਸਰਕਾਰ ਕੋਲ ਲੁਕਾਉਣ ਲਈ ਕੁਝ ਵੀ ਨਹੀਂ ਹੈ। ਸਰਕਾਰ ਨੇ ਇਸ ਮਾਮਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਹੈ। ਜਾਂਚ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਦੀ ਭਲਾਈ ਲਈ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ ਅਤੇ ਦੋਸ਼ੀ ਬਖਸ਼ੇ ਨਹੀਂ ਜਾਣਗੇ।’’ ਦੱਸਣਯੋਗ ਹੈ ਕਿ ਕੌਮੀ ਟੈਸਟਿੰਗ ਏਜੰਸੀ ਵੱਲੋਂ ਕਰਵਾਈ ਗਈ ਕੌਮੀ ਪਾਤਰਤਾ-ਕਮ ਦਾਖਲਾ (ਨੀਟ-ਯੂਜੀ) ਪ੍ਰੀਖਿਆ ’ਚ ਕਥਿਤ ਬੇਨੇਮੀਆਂ ਨੂੰ ਲੈ ਕੇ ਦੇਸ਼ ਭਰ ’ਚ ਵਿਰੋਧ ਹੋ ਰਿਹਾ ਹੈ। -ਏਐੱਨਆਈ