ਮੁੰਬਈ: ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਅੱਜ ਕਿਹਾ ਕਿ ਕੋਈ ਵੀ ਭਾਰਤ ਵੱਲ ਬੁਰੀ ਨਜ਼ਰ ਨਾਲ ਦੇਖਣ ਦੀ ਹਿੰਮਤ ਨਹੀਂ ਕਰ ਸਕਦਾ ਤੇ ਜੇ ਕੋਈ ਅਜਿਹਾ ਕਰਦਾ ਵੀ ਹੈ ਤਾਂ ਦੇਸ਼ ਤੁਰੰਤ ਜਵਾਬੀ ਕਾਰਵਾਈ ਕਰਨ ਦੇ ਸਮਰੱਥ ਹੈ। ਉਹ ਲੱਦਾਖ ’ਚ ਚੀਨ ਦੀਆਂ ਗਤੀਵਿਧੀਆਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ, ‘‘ਕੋਈ ਵੀ ਸਾਡੇ ਵੱਲ ਬੁਰੀ ਨਜ਼ਰ ਨਾਲ ਦੇਖਣ ਦੀ ਹਿੰਮਤ ਨਹੀਂ ਕਰ ਸਕਦਾ। ਜੇ ਕੋਈ ਅਜਿਹਾ ਕਰਦਾ ਹੈ ਤਾਂ ਅਸੀਂ ਜਵਾਬੀ ਕਾਰਵਾਈ ਕਰਨ ਦੇ ਸਮਰੱਥ ਹਾਂ।” ਉਨ੍ਹਾਂ ਚੀਨ ਬਾਰੇ ਸਿੱਧੇ ਤੌਰ ’ਤੇ ਕੋਈ ਜਵਾਬ ਨਹੀਂ ਦਿੱਤਾ ਤੇ ਕਿਹਾ ਕਿ ਉਨ੍ਹਾਂ ਕੋਲ ਕੁੱਝ ਮੁੱਦਿਆਂ ਬਾਰੇ ਗੱਲ ਕਰਨ ਦਾ ਅਧਿਕਾਰ ਨਹੀਂ ਹੈ। -ਪੀਟੀਆਈ