ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਦੇ ਹਵਾਲੇ ਨਾਲ ਅੱਜ ਕਿਹਾ ਕਿ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਕੋਈ ਵੀ ਇਸ ਦੀ ਜ਼ਿੰਮੇਵਾਰੀ ਨਹੀਂ ਲੈਂਦਾ। ਸਿਖਰਲੀ ਅਦਾਲਤ ਨੇ ਇਹ ਟਿੱਪਣੀ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਕਿਸਾਨ ਜਥੇਬੰਦੀ ਵੱਲੋਂ ਜੰਤਰ ਮੰਤਰ ’ਤੇ ਸੱਤਿਆਗ੍ਰਹਿ ਦੀ ਇਜਾਜ਼ਤ ਮੰਗਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ। ਸੁਣਵਾਈ ਦੌਰਾਨ ਅਟਾਰਨੀ ਜਨਰਲ ਕੇ.ਕੇ.ਵੇਣੂਗੋਪਾਲ ਨੇ ਜਸਟਿਸ ਏ.ਐੱਮ.ਖਾਨਵਿਲਕਰ ਤੇ ਸੀ.ਟੀ.ਰਵੀਕੁਮਾਰ ਦੇ ਬੈਂਚ ਨੂੰ ਦੱਸਿਆ ਕਿ ਜਦੋਂ ਤਿੰਨ ਖੇਤੀ ਕਾਨੂੰਨਾਂ ਦੀ ਵੈਧਤਾ ਨੂੰ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਚੁੱਕੀ ਹੈ, ਤਾਂ ਇਨ੍ਹਾਂ ਧਰਨੇ ਪ੍ਰਦਰਸ਼ਨਾਂ ਨੂੰ ਰੋਕਣਾ ਬਣਣਾ ਹੈ। ਵੇਣੂਗੋਪਾਲ ਨੇ ਕਿਹਾ, ‘‘ਅਸੀਂ ਲੰਘੇ ਦਿਨ ਲਖੀਮਪੁਰ ਖੀਰੀ ਵਿੱਚ ਹੋਈ ‘ਮੰਦਭਾਗੀ ਘਟਨਾ ਨੂੰ ਵੇਖਿਆ ਹੈ, ਜਿਸ ਵਿੱਚ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।’’ ਇਸ ’ਤੇ ਬੈਂਚ ਨੇ ਕਿਹਾ, ‘‘ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਕੋਈ ਵੀ ਇਸ ਦੀ ਜ਼ਿੰਮੇਵਾਰੀ ਨਹੀਂ ਲੈਂਦਾ।’ -ਪੀਟੀਆਈ