ਨਵੀਂ ਦਿੱਲੀ, 4 ਜੂਨ
ਦੇਸ਼ ਦੇ ਉਤਰੀ ਪੱਛਮੀ ਤੇ ਮੱਧ ਭਾਰਤ ਦੇ ਕਈ ਹਿੱਸੇ ਥੋੜ੍ਹੇ ਸਮੇਂ ਦੀ ਰਾਹਤ ਤੋਂ ਬਾਅਦ ਮੁੜ ਗਰਮੀ ਦੀ ਲਪੇਟ ਵਿੱਚ ਆ ਗਏ ਹਨ। ਇਥੋਂ ਦੇ ਕਈ ਕਸਬਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 47.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਇਸ ਤੋਂ ਬਾਅਦ ਹਰਿਆਣਾ ਦੇ ਹਿਸਾਰ ਅਤੇ ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੇਸ਼ ਦੀ ਕੌਮੀ ਰਾਜਧਾਨੀ ਦੇ ਮੁੰਗੇਸ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਸਫਦਰਜੰਗ ਵਿੱਚ ਤਾਪਮਾਨ 43.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਦੱਖਣੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ 4-5 ਜੂਨ ਨੂੰ ਰਾਜਸਥਾਨ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।