ਜੈਪੁਰ, 7 ਨਵੰਬਰ
ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਐਤਵਾਰ ਨੂੰ ਕਿਸਾਨਾਂ ਦੇ ਮੁੱਦੇ ਅਤੇ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਲੈ ਕੇ ਕੇਂਦਰ ਅਤੇ ਭਾਜਪਾ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਹੇ ਜਾਣ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਨੇਤਾ ਇੱਕ ਕੁੱਤੇ ਦੇ ਮਰਨ ‘ਤੇ ਵੀ ਆਪਣਾ ਸੋਗ ਸੰਦੇਸ਼ ਭੇਜਦੇ ਹਨ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ‘600’ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਨਹੀਂ ਕੀਤਾ।
ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਵੀ ਜ਼ਿਕਰ ਕੀਤਾ ਅਤੇ ਸਰਕਾਰ ਨੂੰ ਸਿੱਖ ਭਾਈਚਾਰੇ ਦਾ ਵਿਰੋਧ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਅਜਿਹੇ ਲੋਕ ਹਨ ਜੋ ਕਿਸਾਨਾਂ ਦੇ ਹੱਕ ਵਿੱਚ ਹਨ ਪਰ ‘ਇੱਕ ਜਾਂ ਦੋ ਲੋਕ’ ਹੰਕਾਰੀ ਹਨ। ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ – ਮੇਘਾਲਿਆ ਦਾ ਰਾਜਪਾਲ ਬਣਾਏ ਤੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਤੇ ਗੋਆ ਦੇ ਰਾਜਪਾਲ ਰਹਿ ਚੁੱਕੇ ਮਲਿਕ ਸਰਕਾਰ ‘ਤੇ ਨਿਸ਼ਾਨਾ ਸਾਧਦੇ ਰਹੇ ਹਨ। ਉਨ੍ਹਾਂ ਇਹ ਪ੍ਰਗਟਾਵਾ ਜੈਪੁਰ ਵਿੱਚ ਜਾਟ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੀਤਾ। ਮਲਿਕ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ ‘ਤੇ ‘ਦਿੱਲੀ ਦੇ ਨੇਤਾਵਾਂ’ ਨੂੰ ਨਿਸ਼ਾਨਾ ਬਣਾਉਣ ਲਈ ਰਾਜਪਾਲ ਵਜੋਂ ਆਪਣਾ ਅਹੁਦਾ ਗੁਆਉਣ ਤੋਂ ਨਹੀਂ ਡਰਦੇ ਅਤੇ ਜਦੋਂ ਵੀ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਜਾਵੇਗਾ ਤਾਂ ਉਹ ਅਸਤੀਫਾ ਦੇ ਦੇਣਗੇ। -ਏਜੰਸੀ