ਸ੍ਰੀਨਗਰ: ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਬਿੂਬਾ ਮੁਫਤੀ ਨੂੰ ਇੱਥੇ ਉੱਚ ਸੁਰੱਖਿਆ ਵਾਲੇ ਗੁਪਕਾਰ ਇਲਾਕੇ ਵਿੱਚ ਸਰਕਾਰੀ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਕੁਝ ਦਿਨ ਪਹਿਲਾਂ ਫੇਅਰਵਿਊ ਤੋਂ ਜਾਣ ਦਾ ਨੋਟਿਸ ਮਿਲਿਆ ਸੀ। ਇਹ ਹੈਰਾਨੀ ਵਾਲੀ ਗੱਲ ਨਹੀਂ, ਉਮੀਦ ਮੁਤਾਬਕ ਹੈ।’’ ਉਨ੍ਹਾਂ ਕਿਹਾ ਕਿ ਨੋਟਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਇਹ ਬੰਗਲਾ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਲਈ ਹੈ। ਉਨ੍ਹਾਂ ਕਿਹਾ, ‘‘ਜਦੋਂ ਮੇਰੇ ਪਿਤਾ (ਮੁਫਤੀ ਮੁਹੰਮਦ ਸਈਦ) ਨੇ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਤਾਂ 2005 ਵਿੱਚ ਇਹ ਜਗ੍ਹਾ ਉਨ੍ਹਾਂ ਨੂੰ ਅਲਾਟ ਕੀਤੀ ਗਈ ਸੀ। ਇਸ ਲਈ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਆਧਾਰ ਸਹੀ ਨਹੀਂ ਹੈ।’’ ਇਸ ਨੋਟਿਸ ਨੂੰ ਅਦਾਲਤ ’ਚ ਚੁਣੌਤੀ ਦੇਣ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਆਪਣੀ ਕਾਨੂੰਨੀ ਟੀਮ ਨਾਲ ਸਲਾਹ ਕਰਨਗੇ। ਜ਼ਿਕਰਯੋਗ ਹੈ ਕਿ 2019 ਵਿੱਚ ਰਾਜ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਤਬਦੀਲ ਕਰਨ ਮਗਰੋਂ ਜੰਮੂ ਕਸ਼ਮੀਰ ਦੇ ਸਾਰੇ ਸਾਬਕਾ ਮੁੱਖ ਮੰਤਰੀਆਂ ਤੋਂ ਜੀਵਨ ਭਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਵਾਪਸ ਲੈ ਲਈਆਂ ਗਈਆਂ ਸਨ। ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਗੁਲਾਮ ਨਬੀ ਆਜ਼ਾਦ 2020 ਵਿੱਚ ਹੀ ਆਪਣੀਆਂ ਸਰਕਾਰੀ ਰਿਹਾਇਸ਼ਾਂ ਛੱਡ ਚੁੱਕੇ ਹਨ। -ਪੀਟੀਆਈ/ਏਐੱਨਆਈ