ਜੈਪੁਰ, 12 ਅਗਸਤ
‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਰਾਜਸਥਾਨ ਦੇ ਲਗਪਗ ਇੱਕ ਕਰੋੜ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਇੱਕ ਨਵਾਂ ਵਿਸ਼ਵ ਰਿਕਾਰਡ ਦਰਜ ਕਰਵਾਇਆ ਹੈ। ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ, ‘‘ਮੈਨੂੰ ਖੁਸ਼ੀ ਹੈ ਕਿ ਦੁਨੀਆ ਦੀ ਵੱਕਾਰੀ ਸੰਸਥਾ ਵਰਲਡ ਬੁੱਕ ਆਫ ਰਿਕਾਰਡ, ਲੰਡਨ ਨੇ ਇੱਕ ਕਰੋੜ ਵਿਦਿਆਰਥੀਆਂ ਨੂੰ ਗੀਤ ਗਾਉਂਦਿਆਂ ਸੁਣਿਆ ਅਤੇ ਸੂਬਾ ਸਰਕਾਰ ਨੂੰ ਸਰਟੀਫਿਕੇਟ ਦਿੱਤਾ।’’ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਵਿਦਿਆਰਥੀਆਂ ਨੇ ਵਿਸ਼ਵ ਰਿਕਾਰਡ ਬਣਾਉਣ ਲਈ ਕਰੀਬ 25 ਮਿੰਟਾਂ ਤੱਕ ‘ਵੰਦੇ ਮਾਤਰਮ’, ‘ਸਾਰੇ ਜਹਾਂ ਸੇ ਅੱਛਾ’ ਅਤੇ ਰਾਸ਼ਟਰੀ ਗੀਤ ਗਾਇਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਸੀ ਭਾਈਚਾਰੇ ਅਤੇ ਕੁਰਬਾਨੀ ਦੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਸੂਬਾ ਤਰੱਕੀ ਦੇ ਰਾਹ ’ਤੇ ਅੱਗੇ ਵਧੇ। ਇਸ ਮੌਕੇ ਮੁੱਖ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਵੀ ਵਧਾਈ ਦਿੱਤੀ। -ਪੀਟੀਆਈ