ਬਨੀ/ਜੰਮੂ: ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਨੂੰ ਲੈ ਕੇ ਨੈਸ਼ਨਲ ਕਾਨਫਰੰਸ ਤੇ ਕਾਂਗਰਸ ’ਤੇ ਤਨਜ਼ ਕਸਦਿਆਂ ਕਿਹਾ ਕਿ ਧਾਰਾ 370 ਨੂੰ ਸਿਰਫ਼ ਭਾਰਤ ਸਰਕਾਰ ਵੱਲੋਂ ਬਹਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਰਾਜ ਦਾ ਦਰਜਾ ਬਹਾਲ ਕਰਨ ਲਈ ਪ੍ਰਤੀਬੱਧ ਹਨ। ਉਨ੍ਹਾਂ ਕਿਹਾ ਕਿ ਲੋਕ ਉਤਸ਼ਾਹਿਤ ਹਨ ਕਿਉਂਕਿ ਉਹ 10 ਸਾਲ ਮਗਰੋਂ ਚੋਣ ਪ੍ਰਕਿਰਿਆ ’ਚ ਹਿੱਸਾ ਲੈ ਰਹੇ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਸੰਸਦ ਵਿੱਚ ਨਾ ਤਾਂ ਨੈਸ਼ਨਲ ਕਾਨਫਰੰਸ ਤੇ ਨਾ ਹੀ ਪੀਡੀਪੀ ਨੇ ਧਾਰਾ 370 ਤੇ ਰਾਜ ਦੇ ਦਰਜੇ ਬਾਰੇ ਗੱਲ ਕੀਤੀ। ਮੈਂ ਇਸ ਬਾਰੇ ਬੋਲਿਆ ਸੀ। ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਉਹ ਰਾਜ ਦਾ ਦਰਜਾ ਬਹਾਲ ਕਰਨਗੇ।’ -ਪੀਟੀਆਈ