ਨਵੀਂ ਦਿੱਲੀ, 18 ਅਕਤੂਬਰ
ਸਰਕਾਰ ਦੇ ਵਿਕਾਸ ਦੇ ਏਜੰਡੇ ਵਿੱਚ ਵਿਰੋਧੀ ਪਾਰਟੀਆਂ ’ਤੇ ਰੁਕਾਵਟਾਂ ਖੜ੍ਹੀਆਂ ਕਰਨ ਦਾ ਦੋਸ਼ ਲਗਾਉਂਦਿਆਂ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੀ ਪਾਰਟੀ ਦੇ ਮੈਂਬਰਾਂ ਨੇ ਨਾ ਸਿਰਫ਼ ਸਿਆਸੀ ਹਿੱਤ ਸਗੋਂ ਸਮਾਜ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਕੌਮ ਲਈ ਕੰਮ ਕੀਤਾ ਹੈ। ਅਧਿਕਾਰਿਤ ਸੂਤਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਕੌਮੀ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਨੱਢਾ ਨੇ ਮੋਦੀ ਸਰਕਾਰ ਦੇ ਵਿਕਾਸ ਦੇ ਏਜੰਡੇ ਤਹਿਤ ਕੋਵਿਡ-19 ਮਹਾਮਾਰੀ ਦੌਰਾਨ ਕੀਤੇ ਗਏ ਭਲਾਈ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਗ਼ਰੀਬ ਪੱਖੀ ਪ੍ਰੋਗਰਾਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਸਿਆਸਤ ਦੀ ਪਰਿਭਾਸ਼ਾ ਬਦਲਣ ਲਈ ਕੰਮ ਕੀਤਾ ਹੈ। ਪਾਰਟੀ ਦੇ ਉਪ ਪ੍ਰਧਾਨ ਤੇ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੀਟਿੰਗ ਅਗਲੇ ਪੰਜ ਮਹੀਨਿਆਂ ਲਈ ਪਾਰਟੀ ਦਾ ਏਜੰਡਾ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਮੈਂਬਰ ਸਮਾਜ ਲਈ ਕਿੰਨੇ ਮਦਦਗਾਰ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਵੱਲੋਂ ਜ਼ਮੀਨੀ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ ਕਾਰਨ ਹੀ ਕਾਂਗਰਸ ਦਾ ਆਧਾਰ ਡਿੱਗਿਆ ਹੈ। -ਪੀਟੀਆਈ