ਨਵੀਂ ਦਿੱਲੀ, 23 ਸਤੰਬਰ
ਸੀਨੀਅਰ ਕਾਂਗਰਸ ਨੇਤਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਬੁੱਧਵਾਰ ਨੂੰ ਸ਼ਾਮ ਪੰਜ ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ ਅਤੇ ਖੇਤੀਬਾੜੀ ਬਿੱਲਾਂ ਅਤੇ ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦਿਆਂ ’ਤੇ ਉਨ੍ਹਾਂ ਨੂੰ ਜਾਣੂ ਕਰਵਾਉਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਦੇ ਦਿੱਤਾ ਹੈ।ਵਿਰੋਧੀ ਧਿਰ ਦੀਆਂ ਤਕਰੀਬਨ 16 ਪਾਰਟੀਆਂ ਨੇ ਇਨ੍ਹਾਂ ਮੁੱਦਿਆਂ ਬਾਰੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਹੈ। ਪਹਿਲਾਂ ਇਹ ਫੈਸਲਾ ਲਿਆ ਗਿਆ ਸੀ ਕਿ ਪੰਜ ਵੱਡੀਆਂ ਵਿਰੋਧੀ ਪਾਰਟੀਆਂ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਤਿਲੰਗਾਨਾ ਰਾਸ਼ਟਰ ਸੰਮਤੀ ਅਤੇ ਡੀਐੱਮਕੇ ਕਰੋਨਾ ਵਾਇਰਸ ਦੇ ਮਹਾਂਮਾਰੀ ਦੇ ਮੱਦੇਨਜ਼ਰ ਸਦਨ ਵਿੱਚ ਮੈਂਬਰਾਂ ਦੀ ਗਿਣਤੀ ਦੇ ਅਧਾਰ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਪਰ ਬਾਅਦ ਵਿੱਚ ਫੈਸਲਾ ਹੋਇਆ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੀਆਂ ਪਾਰਟੀਆਂ ਵੀ ਇਸ ਵਫ਼ਦ ਵਿੱਚ ਸ਼ਾਮਲ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸੰਸਦ ਭਵਨ ਦੇ ਅਹਾਤੇ ਵਿੱਚ ਖੇਤੀ ਬਿੱਲਾਂ ਖਿਲਾਫ਼ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ।