ਤਿਰੂਵਨੰਤਪੁਰਮ, 2 ਜੂਨ
ਕੇਰਲਾ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਅੱਜ ਕੇਂਦਰ ਸਰਕਾਰ ਨੂੰ ਬੇਲਗਾਮ ਵੱਧ ਰਹੀਆਂ ਤੇਲ ਕੀਮਤਾਂ ’ਤੇ ਕਾਬੂ ਪਾਉਣ ਲਈ ਨੀਤੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜਯਨ ਨੇ ਕੇਂਦਰ ਸਰਕਾਰ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਜਾਂ ਘਟਾਉਣ ਲਈ ਅਪੀਲ ਕਰਨ ਸਬੰਧੀ ਵਿਧਾਨ ਸਭਾ ਵਿੱਚ ਮਤਾ ਪਾਉਣ ਦੇ ਵਿਧਾਇਕ ਸੀਐੱਚ ਕੁਨਹਾਮ ਦੇ ਸੱਦੇ ਦਾ ਸਮਰਥਨ ਕੀਤਾ। ਵਿਜਯਨ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧਾ ਲੋਕਾਂ ਦੇ ਰੋਜ਼ਾਨਾ ਦੇ ਜੀਵਨ ਪੱਧਰ ਨੂੰ ਅਸਰਅੰਦਾਜ਼ ਕਰ ਰਿਹਾ, ਜਿਸ ਦਾ ਪ੍ਰਭਾਵ ਆਰਥਿਕ ਵਿਕਾਸ ’ਤੇ ਵੀ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਘਟ ਰਹੀਆਂ ਕੀਮਤਾਂ ਦਾ ਲਾਭ ਲੋਕਾਂ ਨੂੰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ, ‘‘ਜਦੋਂ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਆਉਂਦੀ ਹੈ ਤਾਂ ਕੇਂਦਰ ਸਰਕਾਰ ਐਕਸਾਈਜ਼ ਡਿਊਟੀ ਵਧਾ ਦਿੰਦੀ ਹੈ, ਜਿਸ ਦਾ ਫ਼ਾਇਦਾ ਲੋਕ ਨਹੀਂ ਲੈ ਪਾਉਂਦੇ।’’ ਵਿਜਯਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਛੇ ਸਾਲਾਂ ਦੌਰਾਨ ਪੈਟਰੋਲ ਤੇ ਡੀਜ਼ਲ ’ਤੇ ਟੈਕਸ 307 ਫ਼ੀਸਦੀ ਤੱਕ ਵਧਾ ਦਿੱਤੇ ਹਨ, ਜਦੋਂਕਿ ਇਸ ਸਾਲ 19 ਵਾਰ ਕੀਮਤਾਂ ਵਿੱਚ ਵਾਧਾ ਕੀਤਾ ਹੈ। -ਪੀਟੀਆਈ