ਗੁਰਦੀਪ ਸਿੰਘ ਲਾਲੀ
ਸਤੌਜ (ਸੰਗਰੂਰ), 3 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਪੁੱਜੇ ਅਤੇ ਪਿੰਡ ਦੀ ਸੱਥ ਵਿੱਚ ਮੰਜੇ ’ਤੇ ਬੈਠ ਕੇ ਆਪਣੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਆਪਣੇ ਪਿੰਡ ਦੇ ਲੋਕਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਅਤੇ ਚਚੇਰਾ ਭਰਾ ਗਿਆਨ ਸਿੰਘ ਮਾਨ ਵੀ ਮੌਜੂਦ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਆਣੇ ਕਹਿੰਦੇ ਹਨ ਕਿ ਬੰਦਾ ਜਿੰਨਾ ਮਰਜ਼ੀ ਵੱਡਾ ਬਣ ਜਾਵੇ ਪਰ ਆਪਣੇ ਪਿੰਡ ਦੇ ਲੋਕਾਂ ਤੋਂ, ਆਪਣੀਆਂ ਚਾਚੀਆਂ-ਤਾਈਆਂ ਅਤੇ ਭੈਣਾਂ-ਭਾਈਆਂ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, ‘ਇਸੇ ਪਿੰਡ ਦੀਆਂ ਗਲੀਆਂ ’ਚ ਖੇਡੇ ਹਾਂ ਅਤੇ ਵੱਡੇ ਹੋਏ ਹਾਂ। ਕਲਾਕਾਰ ਦੇ ਤੌਰ ’ਤੇ ਵੀ ਵਿਚਰਿਆ ਹਾਂ ਅਤੇ ਹੁਣ ਪੰਜਾਬ ਦੇ ਮੁੱਖ ਸੇਵਾਦਾਰ ਦੇ ਤੌਰ ’ਤੇ ਡਿਊਟੀ ਲੱਗੀ ਹੋਈ ਹੈ।’ ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡ ਦੇ ਲੋਕਾਂ ਨੂੰ ਪੰਚਾਇਤ ਸਰਬਸੰਮਤੀ ਨਾਲ ਚੁਣਨ ਦੀ ਅਪੀਲ ਕਰਨ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਬਿਨਾ ਲੜੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫ਼ੈਸਲਾ ਲਿਆ ਹੈ।
ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਾ ਛੱਡਣ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਦੀ ਪਹਿਲੀ ਵੱਡੀ ਮੰਗ ਜਿਵੇਂ ਸਟੇਡੀਅਮ, ਸਕੂਲ, ਹਸਪਤਾਲ ਜਾਂ ਕੋਈ ਵੀ ਹੋਰ ਪੂਰੀ ਕਰਨ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ।
‘ਕੇਂਦਰ ਦਾ ਕੋਈ ਵੀ ਗਲਤ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਹੋਣ ਦਿਆਗੇ’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੇਂਦਰ ਸਰਕਾਰ ਦਾ ਕੋਈ ਵੀ ਗਲਤ ਕਾਨੂੰਨ ਲਾਗੂ ਨਹੀਂ ਕੀਤਾ ਜਾਵੇਗਾ। ਜਿਹੜੇ ਕਾਨੂੰਨ ਨਾਲ ਪੰਜਾਬ ਵਿਚ ਰੁਜ਼ਗਾਰ, ਵਪਾਰ ਜਾਂ ਖੇਤੀਬਾੜੀ ਨੂੰ ਸੱਟ ਲੱਗਦੀ ਹੈ, ਪੰਜਾਬ ਵਿਚ ਲਾਗੂ ਨਹੀਂ ਹੋਣ ਦਿਆਂਗੇ।