ਮੁੰਬਈ, 30 ਜੂਨ
ਦੱਖਣੀ ਮੁੰਬਈ ਦੇ ਕਲਬਾਦੇਵੀ ਇਲਾਕੇ ਵਿੱਚ ਰਿਹਾਇਸ਼ੀ ਪੰਜ-ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਡਿੱਗ ਗਿਆ। ਇਹ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠੋਂ ਕਰੀਬ 60-70 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕਲਬਾਦੇਵੀ ਦੇ ਰਿਹਾਇਸ਼ੀ ਇਲਾਕੇ ਬਡਮਵਾੜੀ ਵਿੱਚ ਦੁਪਹਿਰ 2 ਵਜੇ ਵਾਪਰਿਆ। ਮਿਉਂਸਿਪਲ ਕਾਰਪੋਰੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਹਾਦਸੇ ਵਾਲੀ ਜਗ੍ਹਾ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੋਂ ਮਲਬੇ ਹੇਠੋਂ ਲਗਪਗ 60-70 ਵਿਅਕਤੀਆਂ ਨੂੰੁ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ। ਇਲਾਕੇ ਦੇ ਸਾਬਕਾ ਕਾਰਪੋਰੇਟਰ ਜਨਕ ਸੰਘਵੀ ਨੇ ਦੱਸਿਆ ਕਿ ਹਾਦਸੇ ਦੌਰਾਨ ਇਮਾਰਤ ‘ਜਨਕ ਭਵਨ’ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਮਾਰਤ ਤੋਂ ਪਲਸਤਰ ਡਿੱਗਣ ਕਾਰਨ ਲੋਕਾਂ ਨੂੰ ਹਾਦਸੇ ਤੋਂ ਪਹਿਲਾਂ ਹੀ ਇਮਾਰਤ ਵਿੱਚੋਂ ਬਾਹਰ ਕੱਢ ਲਿਆ ਗਿਆ ਸੀ। -ਪੀਟੀਆਈ