ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਜਨਵਰੀ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਕਿਹਾ ਹੈ ਕਿ ਉਹ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਸ਼ਾਂਤਮਈ ਰਹਿਣਗੇ ਪਰ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਇਥੇ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ ਕਿਸਾਨ ਪਰੇਡ ਦਾ ਨਾਮ ਦਿੱਤਾ ਗਿਆ ਹੈ। ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਇਹ ਕੋਰਾ ਝੂਠ ਹੈ ਕਿ ਸਰਕਾਰ ਨੇ ਕਿਸਾਨਾਂ ਦੀਆਂ 50 ਫ਼ੀਸਦ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।