ਨਵੀਂ ਦਿੱਲੀ, 20 ਜੁਲਾਈ
ਸਾਬਕਾ ਆਈਟੀ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਕਪਿਲ ਸਿੱਬਲ ਨੇ ਮੰਗਵਾਰ ਨੂੰ ਮੰਗ ਕੀਤੀ ਕਿ ਪੈਗਾਸਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਈ ਜਾਵੇ ਅਤੇ ਸਰਕਾਰ ਇਸ ਸਬੰਧੀ ਸੰਸਦ ਵਿੱਚ ਵ੍ਹਾਈਟ ਪੇਪਰ ਲਿਆਏ ਤੇ ਦੇੇਸ਼ ਨੂੰ ਦੱਸੇ ਕਿ ਇਜ਼ਰਾਇਲੀ ਸਪਾਈਵੇਅਰ ਦੀ ਵਰਤੋਂ ਕੀਤੀ ਗਈ ਹੈ ਜਾਂ ਨਹੀਂ। ਇਸ ਮੁੱਦੇ ’ਤੇ ਵਿਰੋਧੀ ਧਿਰ ਨੇ ਸਰਕਾਰ ’ਤੇ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ ਜਦੋਂ ਕਿ ਕੇਂਦਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਿਹਾ ਹੈ। ਆਪਣੇ ਨਿਵਾਸ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਉਨ੍ਹਾਂ ਦੀ ਇਸ ਟਿੱਪਣੀ ਜਿਸ ਵਿੱਚ ਉਨ੍ਹਾਂ ਜਾਸੂਸੀ ਦੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਵਿਰੋਧੀ ਧਿਰ ਅਜਿਹਾ ਭਾਰਤ ਨੂੰ ਆਲਮੀ ਪੱਧਰ ’ਤੇ ਬਦਨਾਮ ਕਰਨ ਲਈ ਕਰ ਰਹੀ ਹੈ, ਲਈ ਮੋੜਵਾਂ ਹਮਲਾ ਕਰਦਿਆਂ ਕਿਹਾ, ‘‘ਮੁਲਕ ਨੂੰ ਬਦਨਾਮ ਨਹੀਂ ਕੀਤਾ ਜਾ ਰਿਹਾ, ਸਗੋਂ ਤੁਹਾਡੀ ਸਰਕਾਰ ਆਪਣੇ ਕਾਰਨਾਮਿਆਂ ਕਾਰਨ ਬਦਨਾਮ ਹੋ ਰਹੀ ਹੈ।’’- ਏਜੰਸੀ