ਨਵੀਂ ਦਿੱਲੀ, 10 ਮਾਰਚ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ’ਚ ਭਾਜਪਾ ਦੀ ਵੱਡੀ ਜਿੱਤ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਯੋਜਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਚੰਗੇ ਸ਼ਾਸਨ ਅਤੇ ਡਰ ਤੇ ਭ੍ਰਿਸ਼ਟਾਚਾਰ ਤੋਂ ਮੁਕਤ ਪ੍ਰਸ਼ਾਸਨ ਦੇਣ ’ਤੇ ਆਪਣੀ ਮੋਹਰ ਲਾਈ ਹੈ। ਕਈ ਟਵੀਟ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਯੂਪੀ, ਉੱਤਰਾਖੰਡ, ਮਨੀਪੁਰ ਅਤੇ ਗੋਆ ਦੇ ਲੋਕਾਂ ਵੱਲੋਂ ਪਾਰਟੀ ਪ੍ਰਤੀ ਵਿਸ਼ਵਾਸ ਜਤਾਏ ਜਾਣ ’ਤੇ ਵੀ ਧੰਨਵਾਦ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਉਹ ਯੂਪੀ ਦੇ ਲੋਕਾਂ ਵੱਲੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਅਤੇ 2017 ਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਹਮਾਇਤ ਦੇਣ ’ਤੇ ਉਨ੍ਹਾਂ ਨੂੰ ਸਲਾਮ ਕਰਦੇ ਹਨ। ਉਨ੍ਹਾਂ ਪਾਰਟੀ ਵਰਕਰਾਂ ਅਤੇ ਭਾਜਪਾ ਦੀ ਸੂਬਾਈ ਲੀਡਰਸ਼ਿਪ ਨੂੰ ਵੱਡੀ ਜਿੱਤ ਦੀ ਵੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਯੂਪੀ ਦੇ ਲੋਕਾਂ ਦੀਆਂ ਆਸਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੇਵਭੂਮੀ ਉੱਤਰਾਖੰਡ, ਮਨੀਪੁਰ ਅਤੇ ਗੋਆ ਦੇ ਲੋਕਾਂ ਤੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ। -ਪੀਟੀਆਈ