ਨਵੀਂ ਦਿੱਲੀ: ਕੋਵਿਡ-19 ਕਾਰਨ ਜਾਨ ਗੁਆਉਣ ਵਾਲੇ ਭਾਰਤੀ ਨਾਗਰਿਕਾਂ ਦੇ ਵਾਰਿਸਾਂ ਨੂੰ ਲੋੜੀਂਦਾ ਐਕਸ-ਗ੍ਰੇਸ਼ੀਆ ਵਿੱਤੀ ਮੁਆਵਜ਼ਾ ਦੇਣ ਬਾਰੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਖ਼ਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਲੋਕ ਹਿੱਤ ਪਟੀਸ਼ਨ ਉਤੇ ਸੁਣਵਾਈ ਆਉਂਦੇ ਦਿਨਾਂ ’ਚ ਹੋਵੇਗੀ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਜ਼ਰੂਰੀ ਸੇਵਾਵਾਂ ’ਚ ਲੱਗੇ ਵਿਅਕਤੀਆਂ/ਸਿਹਤ ਕਰਮੀਆਂ, ਜਿਨ੍ਹਾਂ ਦੀ ਕੋਵਿਡ-19 ਕਾਰਨ ਮੌਤ ਹੋਈ ਹੈ, ਉਨ੍ਹਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਬਾਰੇ ਵੀ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਨੂੰ ‘ਮੁਆਵਜ਼ਾ’ ਦੇਣ ਲਈ ਸਰਕਾਰ ਨੂੰ ਢੁੱਕਵੀਂ ਨੀਤੀ ਬਣਾਉਣ ਲਈ ਕਿਹਾ ਜਾਵੇ। ਇਸ ਤੋਂ ਇਲਾਵਾ ਸਰਕਾਰਾਂ ਤੋਂ ਕੋਵਿਡ-19 ਨਾਲ ਹੋਈਆਂ ਮੌਤਾਂ ਦੇ ਅੰਕੜੇ ਮੰਗਣ ਦੀ ਬੇਨਤੀ ਵੀ ਕੀਤੀ ਗਈ ਹੈ, ਜ਼ਿੰਦਗੀਆਂ ਦੇ ਹੋਏ ਨੁਕਸਾਨ ਬਾਰੇ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਜਾਣਕਾਰੀ ਮੰਗਣ ਦੀ ਅਪੀਲ ਵੀ ਕੀਤੀ ਗਈ ਹੈ। -ਪੀਟੀਆਈ