ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ ਫਾਈਜ਼ਰ ਨੇ ਸੂਬੇ ਵਿਚ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ। ਟੀਕਾਕਰਨ ਲਈ ਸਟੇਟ ਨੋਡਲ ਅਫਸਰ ਵਿਕਾਸ ਗਰਗ ਨੇ ਦੱਸਿਆ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜੌਹਨਸਨ ਐਂਡ ਜੌਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ।