ਸ੍ਰੀਨਗਰ, 13 ਮਈ
ਜੰਮੂ-ਕਸ਼ਮੀਰ ਪੁਲੀਸ ਨੇ ਬਡਗਾਮ ਵਿੱਚ ਅਤਿਵਾਦੀਆਂ ਵੱਲੋਂ ਰਾਹੁਲ ਭੱਟ ਦੀ ਹੱਤਿਆ ਦੇ ਵਿਰੋਧ ਵਿੱਚ ਸ੍ਰੀਨਗਰ ਹਵਾਈ ਅੱਡੇ ਵੱਲ ਮਾਰਚ ਕਰ ਰਹੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਮੈਂਬਰਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਪਹਿਲਾਂ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਸ਼ੇਖਪੋਰਾ ਖੇਤਰ ਵਿੱਚ ਇਕੱਠੇ ਹੋਏ ਅਤੇ ਫਿਰ ਹਵਾਈ ਅੱਡੇ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭਾਈਚਾਰਾ ਆਪਣੀ ਜਾਨ ਦੀ ਰਾਖੀ ਕਰਨ ਵਿਚ ਸਰਕਾਰ ਦੀ ਨਾਕਾਮੀ ਖ਼ਿਲਾਫ਼ ਵੀਰਵਾਰ ਤੋਂ ਪ੍ਰਦਰਸ਼ਨ ਕਰ ਰਿਹਾ ਹੈ। ਇਸ ਦੌਰਾਨ ਪੀਡੀਪੀ ਪ੍ਰਧਾਨ ਮਹਬਿੂਬਾ ਮੁਫਤੀ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨ ਕਰ ਰਹੇ ਕਸ਼ਮੀਰੀ ਪੰਡਤਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਬਡਗਾਮ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।