ਕੋਲਕਾਤਾ, 4 ਅਕਤੂਬਰ
ਸੀਬੀਆਈ ਤੇ ਪੱਛਮੀ ਬੰਗਾਲ ਦੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸੋਮਵਾਰ ਨੂੰ ਸੂਬੇ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਸਬੰਧੀ ਕਲਕੱਤਾ ਹਾਈ ਕੋਰਟ ਦੇ ਸਾਹਮਣੇ ਸਥਿਤੀ ਰਿਪੋਰਟ ਦਾਇਰ ਕੀਤੀ। ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਰਾਜਰਸ਼ੀ ਭਾਰਦਵਾਜ ਦੀ ਡਿਵੀਜ਼ਨ ਬੈਂਚ ਅੱਗੇ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਬੈਂਚ ਨੇ 19 ਅਗਸਤ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਪੱਛਮੀ ਬੰਗਾਲ ਵਿੱਚ ਚੋਣਾਂ ਦੇ ਨਤੀਜਿਆਂ ਮਗਰੋਂ ਕਥਿਤ ਜਬਰ-ਜਨਾਹ ਤੇ ਜਬਰ-ਜਨਾਹ ਦੀ ਕੋਸ਼ਿਸ਼ ਸਣੇ ਔਰਤਾਂ ਖ਼ਿਲਾਫ਼ ਅਪਰਾਧ ਅਤੇ ਕਤਲ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਕਰਨ ਦਾ ਆਦੇਸ਼ ਦਿੱਤਾ ਸੀ। ਅਦਾਲਤ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਵੀ ਗਠਨ ਕਰਨ ਦਾ ਆਦੇਸ਼ ਦਿੱਤਾ ਸੀ। ਇਨ੍ਹਾਂ ਦੋਵਾਂ ਜਾਂਚ ਟੀਮਾਂ ਨੂੰ ਅਦਾਲਤ ਸਾਹਮਣੇ ਆਪਣੀ ਰਿਪੋਰਟ ਸੌਂਪਣ ਦੀ ਹਦਾਇਤ ਕੀਤੀ ਗਈ ਸੀ। -ਪੀਟੀਆਈ