ਨਵੀਂ ਦਿੱਲੀ, 19 ਅਗਸਤ
ਨਿਆਂਪਾਲਿਕਾ ਖਿਲਾਫ਼ ਇਤਰਾਜ਼ਯੋਗ ਟਵੀਟਾਂ ਦੇ ਮਾਮਲੇ ’ਚ ਘਿਰੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸਜ਼ਾ ਸੁਣਾਏ ਜਾਣ ਸਬੰਧੀ ਕਾਰਵਾਈ ਤੋਂ ਇਕ ਦਿਨ ਪਹਿਲਾਂ ਅੱਜ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਮੰਗ ਕੀਤੀ ਹੈ ਕਿ ਨਜ਼ਰਸਾਨੀ ਪਟੀਸ਼ਨ ਦਾਖ਼ਲ ਹੋਣ ਤੱਕ ਉਨ੍ਹਾਂ ਖਿਲਾਫ਼ ਸਜ਼ਾ ਸੁਣਾਏ ਜਾਣ ਦੀ ਕਾਰਵਾਈ ’ਤੇ ਰੋਕ ਲਗਾਈ ਜਾਵੇ। ਉਧਰ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਰੀਅਨ ਜੋਸਫ਼ ਨੇ ਪ੍ਰਸ਼ਾਂਤ ਭੂਸ਼ਣ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਖਿਲਾਫ਼ ਮਾਣਹਾਨੀ ਕੇਸਾਂ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਜਿਨ੍ਹਾਂ ਦੀ ਸੁਣਵਾਈ ਸੰਵਿਧਾਨਕ ਬੈਂਚ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਸ ਮਸਲੇ ਦੇ ਹੱਲ ਲਈ ਪੰਜ ਮੈਂਬਰੀ ਸੰਵਿਧਾਨਕ ਬੈਂਚ ਦੇ ਗਠਨ ਦੀ ਸਲਾਹ ਦਿੱਤੀ ਹੈ। ਸਿਖਰਲੀ ਅਦਾਲਤ ਨੇ 14 ਅਗਸਤ ਨੂੰ ਪ੍ਰਸ਼ਾਂਤ ਭੂਸ਼ਣ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਕਰਾਰ ਦਿੰਦਿਆਂ 20 ਅਗਸਤ ਨੂੰ ਸਜ਼ਾ ਸੁਣਾਏ ਜਾਣ ਦਾ ਐਲਾਨ ਕੀਤਾ ਸੀ। ਇਸ ਕੇਸ ’ਚ ਦੋਸ਼ੀ ਨੂੰ ਛੇ ਮਹੀਨਿਆਂ ਦੀ ਸਾਧਾਰਨ ਕੈਦ ਜਾਂ 2 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ ਜਾਂ ਅਦਾਲਤ ਦੋਵੇਂ ਸਜ਼ਾਵਾਂ ਸੁਣਾ ਸਕਦੀ ਹੈ। ਵਕੀਲ ਕਾਮਿਨੀ ਜੈਸਵਾਲ ਰਾਹੀਂ ਦਾਖ਼ਲ ਅਰਜ਼ੀ ’ਚ ਭੂਸ਼ਣ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਨਿਯਮ 2013 ਦੇ ਹੁਕਮ 47 ਤਹਿਤ ਦੋਸ਼ੀ ਠਹਿਰਾਏ ਜਾਣ ਦੀ ਤਰੀਕ ਦੇ 30 ਦਿਨਾਂ ਦੇ ਅੰਦਰ ਅੰਦਰ ਉਹ ਅਰਜ਼ੀ ਦਾਖ਼ਲ ਕਰ ਸਕਦੇ ਹਨ। -ਪੀਟੀਆਈ