ਨਵੀਂ ਦਿੱਲੀ, 28 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ’ਤੇ ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਬੈਠਕ ਦਾ ਮੁੱਖ ਏਜੰਡਾ ਵੱਖ ਵੱਖ ਭਲਾਈ ਸਕੀਮਾਂ ਦੀ ਲਾਭਪਾਤਰੀਆਂ ਤਕ ਪਹੁੰਚ ਯਕੀਨੀ ਬਣਾਉਣਾ ਸੀ। ਬੈਠਕ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਜੇਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਜਨਰਲ ਸਕੱਤਰ ਬੀਐੱਲ ਸੰਤੋਸ਼ ਵੀ ਸ਼ਾਮਲ ਸਨ। ਯਾਦ ਰਹੇ ਕਿ ਸ੍ਰੀ ਮੋਦੀ ਨੇ ਸ਼ਨਿਚਰਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ਤੋਂ ਇਕਪਾਸੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ, ਜੋ ਸਾਢੇ ਤਿੰਨ ਘੰਟੇ ਦੇ ਕਰੀਬ ਚੱਲੀ ਸੀ। ਅੱਜ ਦੀ ਬੈਠਕ ਦੌਰਾਨ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਨੌਕਰੀਆਂ ਲਈ ਵਿਸ਼ੇਸ਼ ਭਰਤੀ ਮੁਹਿੰਮ ਨੂੰ ਲੈ ਕੇ ਪੇਸ਼ਕਾਰੀ ਦਿੱਤੀ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਨੂੰ ‘ਇਕ ਖਰਬ ਡਾਲਰ ਦਾ ਅਰਥਚਾਰਾ’ ਬਣਾਉਣ ਤੇ ਗ੍ਰਾਮ ਸਚਿਵਾਲਿਆ ਦੇ ਡਿਜੀਟਾਈਜ਼ੇਸ਼ਨ ਬਾਰੇ ਆਪਣੀ ਸਰਕਾਰ ਦੀਆਂ ਸਕੀਮਾਂ ਤੇ ਟੀਚਿਆਂ ਬਾਰੇ ਪੇਸ਼ਕਾਰੀ ਦਿੱਤੀ। -ਆਈਏਐੱਨਐੱਸ