ਨਵੀਂ ਦਿੱਲੀ, 17 ਮਾਰਚ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉਤਰ ਪ੍ਰਦੇਸ਼ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਾਂਗਰਸ ਪਾਰਟੀ ਦੀ ਹਾਲੀਆ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀਜਨਕ ਹਾਰ ਦੇ ਕਾਰਨਾਂ ਬਾਰੇ ਵੀ ਪੁੱਛਿਆ। ਪ੍ਰਿਯੰਕਾ ਨੇ ਸੂਬਾ ਪੱਧਰ ਦੇ ਕਈ ਆਗੂਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸੁਝਾਅ ਵੀ ਲਏ ਕਿ ਪਾਰਟੀ ਲੋਕਾਂ ਦਾ ਦਿਲ ਜਿੱਤਣ ਵਿਚ ਕਿਉਂ ਨਾਕਾਮ ਰਹੀ।
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਉਤਰ ਪ੍ਰਦੇਸ਼ ਦੇ 403 ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਪਾਰਟੀ ਨੂੰ ਸਿਰਫ ਦੋ ਸੀਟਾਂ ’ਤੇ ਹੀ ਜਿੱਤ ਹਾਸਲ ਹੋਈ ਤੇ ਪਾਰਟੀ ਨੇ ਸਿਰਫ 2.33 ਫੀਸਦੀ ਵੋਟਾਂ ਹਾਸਲ ਕੀਤੀਆਂ। ਕਾਂਗਰਸ ਦੇ 97 ਉਮੀਦਵਾਰਾਂ ਦੀਆਂ ਤਾਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ। ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਂ ’ਤੇ ਵੋਟਾਂ ਮੰਗੀਆਂ ਸੀ। ਉਨ੍ਹਾਂ ਅੱਜ ਸੂਬੇ ਦੇ ਆਗੂਆਂ ਪ੍ਰਮੋਦ ਤਿਵਾੜੀ, ਅਚਾਰੀਆ ਪ੍ਰਮੋਦ ਕ੍ਰਿਸ਼ਨ, ਸਤੀਸ਼ ਅਜਮਾਨੀ, ਅਜੈ ਰਾਏ, ਅਜੈ ਕੁਮਾਰ ਲੱਲੂ ਤੇ ਵਿਰੇਂਦਰ ਚੌਧਰੀ ਨਾਲ ਵਿਚਾਰ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਆਗੂਆਂ ਨਾਲ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ। ਪ੍ਰਿਯੰਕਾ ਨੇ ਮੰਗਲਵਾਰ ਨੂੰ ਸੂਬੇ ਦੇ ਆਗੂਆਂ ਨਾਲ ਸਾਂਝੀ ਮੀਟਿੰਗ ਕੀਤੀ ਸੀ ਜਿਨ੍ਹਾਂ ਵਿਚ ਉਨ੍ਹਾਂ ਪਾਰਟੀ ਦੀ ਹਾਰ ਲਈ ਜ਼ਿੰਮੇਵਾਰੀ ਵੀ ਲਈ ਸੀ। -ਪੀਟੀਆਈ