ਨਵੀਂ ਦਿੱਲੀ, 6 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਉਸ ਹੁਕਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ’ਚ ਗੰਗਾ ’ਚ ਅਣਸੋਧਿਆ ਪਾਣੀ ਸੁੱਟਣ ’ਤੇ ਰੋਕਣ ’ਚ ਨਾਕਾਮ ਰਹਿਣ ’ਤੇ ਉੱਤਰਾਖੰਡ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮਾ ਚਲਾਉਣ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਕੇਂਦਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ’ਤੇ ਸੁਣਵਾਈ ਦਸੰਬਰ ਦੇ ਦੂਜੇ ਹਫ਼ਤੇ ਲਈ ਨਿਰਧਾਰਤ ਕਰ ਦਿੱਤੀ। ਐੱਨਜੀਟੀ ਨੇ 9 ਫਰਵਰੀ ਨੂੰ ਪ੍ਰਦੂਸ਼ਿਤ ਪਾਣੀ ਗੰਗਾ ’ਚ ਜਾਣ ਤੋਂ ਰੋਕਣ ਲਈ ਢੁੱਕਵੀਂ ਕਾਰਵਾਈ ਨਾ ਕਰਨ ’ਤੇ ਉੱਤਰਾਖੰਡ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਟ੍ਰਿਬਿਊਨਲ ਨੇ 151 ਪੰਨਿਆਂ ਦੇ ਹੁਕਮ ’ਚ ਨਿਰਦੇਸ਼ ਦਿੱਤੇ ਸਨ ਕਿ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਮੁਆਵਜ਼ਾ ਵੀ ਵਸੂਲਿਆ ਜਾਵੇ। -ਪੀਟੀਆਈ