ਸ੍ਰੀਨਗਰ: ਕੁਲਗਾਮ ਜ਼ਿਲ੍ਹੇ ਵਿੱਚ ਇੱਕ ਹਿੰਦੂ ਅਧਿਆਪਕਾ ਦੀ ਹੱਤਿਆ ਮਗਰੋਂ ਅੱਜ ਘਾਟੀ ਵਿੱਚ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਲਾਲ ਚੌਕ ਵਿੱਚ ਇਕੱਠੇ ਹੋਏ ਕਸ਼ਮੀਰੀ ਪੰਡਿਤ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਦਿਆਂ ਜੰਮੂ ਕਸ਼ਮੀਰ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਸੋਨਾਵਰ ਇਲਾਕੇ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਵੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਪ੍ਰਸ਼ਾਸਨ ਦਾ ਵਿਰੋਧ ਕੀਤਾ। ਇਸ ਦੌਰਾਨ ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਇਲਾਕੇ ਵਿੱਚ ਕਸ਼ਮੀਰੀ ਪੰਡਿਤਾਂ ਨੇ ਜੰਮੂ-ਸ੍ਰੀਨਗਰ ਕੌਮੀ ਮਾਰਗ ਦੇ ਇੱਕ ਪਾਸੇ ’ਤੇ ਆਵਾਜਾਈ ਠੱਪ ਕਰ ਕੇ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਖ਼ਲ ਮੰਗਦਿਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। -ਪੀਟੀਆਈ