* ਜੇਲ੍ਹ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲੀਸ ਤੋਂ ਮੰਗੀ ਲੋੜੀਂਦੀ ਗਾਰਦ
ਆਤਿਸ਼ ਗੁਪਤਾ/ਸਰਬਜੀਤ ਸਿੰਘ ਭੰਗੂ
ਚੰਡੀਗੜ੍ਹ/ਪਟਿਆਲਾ, 19 ਨਵੰਬਰ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 20 ਨਵੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਹੈ। ਹਾਈਕੋਰਟ ਦੇ ਹੁਕਮ ਅਨੁਸਾਰ ਰਾਜੋਆਣਾ 20 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੁਧਿਆਣਾ ਜਿਲ੍ਹੇ ’ਚ ਪੈਂਦੇ ਪਿੰਡ ਰਾਜੋਆਣਾ ਕਲਾਂ ਵਿਚਲੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੇ ਭਰਾ ਦੇ ਭੋਗ ਵਿਚ ਸ਼ਾਮਲ ਹੋਣਗੇ। ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਮੌਤ ਹੋ ਗਈ ਸੀ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ 20 ਨਵੰਬਰ ਨੂੰ ਉਨ੍ਹਾਂ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਪਾਠ ਰੱਖਿਆ ਗਿਆ ਹੈ। ਇਸ ਸਬੰਧੀ ਬਲਵੰਤ ਸਿੰਘ ਰਾਜੋਆਣਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੂੰ ਭੋਗ ਵਿਚ ਸ਼ਾਮਲ ਹੋਣ ਦੇਣ ਦੀ ਅਪੀਲ ਕੀਤੀ ਸੀ। ਹਾਈਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਰਾਜੋਆਣਾ ਨੂੰ ਸਾਲ 2021 ਵਿਚ ਵੀ ਆਪਣੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਇਕ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਦੇ ਇਹ ਆਦੇਸ਼ ਅੱਜ ਸ਼ਾਮੀ ਇਥੇ ਪਟਿਆਲਾ ਜੇਲ੍ਹ ਵਿਚ ਵੀ ਪਹੁੰਚ ਗਏ, ਜਿਸ ਤੋਂ ਤੁਰੰਤ ਬਾਅਤ ਸਥਾਨਕ ਜੇਲ੍ਹ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਸ਼ੁਰੂ ਕਰ ਦਿਤੀ ਗਈ। ਪਤਾ ਲੱਗਾ ਹੈ ਕਿ ਇਸ ਕੜੀ ਵਜੋਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੁਲੀਸ ਪਟਿਆਲਾ ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਲਿਜਾਣ ਲਈ 20 ਨਵੰਬਰ ਨੂੰ ਸਵੇਰੇ ਅੱਠ ਵਜੇ ਤੱਕ ਜੇਲ੍ਹ ਕੰਪਲੈਕਸ ਵਿਖੇ ਲੋੜੀਂਦੀ ਗਾਰਦ/ਪੁਲੀਸ ਫੋਰਸ ਭੇਜਣ ਲਈ ਆਖਿਆ ਹੈ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਜੇਲ੍ਹ ਦੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਜੋਆਣਾ ਨੂੰ ਭੇਜਣ ਸਬੰਧੀ ਸਾਰੀ ਬਣਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਵੀ ਆਖਿਆ ਗਿਆ ਹੈ, ਤਾਂ ਜੋ ਸਵੇਰੇ ਸਮੇਂ ਦੀ ਬਰਬਾਦੀ ਤੋਂ ਬਚਿਆ ਜਾ ਸਕੇ। ਜੇਲ੍ਹ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਅਦਾਲਤੀ ਆਦੇਸ਼ਾਂ ਦਾ ਵੀ ਵਿਸ਼ੇਸ ਤੌਰ ’ਤੇ ਖਿਆਲ ਰੱਖਿਆ ਜਾ ਰਿਹਾ ਹੈ। ਇਸ ਤਰ੍ਹਾਂ ਪੁਲੀਸ ਦੇ ਸਖ਼ਤ ਪਹਿਰੇ ਹੇਠਾਂ ਰਾਜੋਆਣਾ ਨੂੰ ਕੱਲ੍ਹ ਨੂੰ ਸਵੇਰੇ ਅੱਠ ਤੋਂ ਸਾਢੇ ਅੱਠ ਵਜੇ ਦੇ ਦਰਮਿਆਨ ਇਥੋਂ ਲਿਜਾਇਆ ਜਾਵੇਗਾ।
ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ 5 ਨੂੰ ਹੋਵੇਗੀ ਸੁਣਵਾਈ
ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦਾ ਮਾਮਲਾ ਸੁਪਰੀਮ ਕੋਰਟ ’ਚ ਚੱਲ ਰਿਹਾ ਹੈ। ਇੱਕ ਦਿਨ ਪਹਿਲਾਂ ਹੀ ਸੁਣਵਾਈ ਦੌਰਾਨ ਉਚ ਅਦਾਲਤ ਵੱਲੋਂ ਟਿੱਪਣੀ ਕੀਤੀ ਹੈ ਕਿ ਜੇ ਰਾਸ਼ਟਰਪਤੀ ਦਫ਼ਤਰ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਦੋ ਹਫਤਿਆਂ ’ਚ ਨਿਪਟਾਰਾ ਨਾ ਕੀਤਾ ਤਾਂ ਸੁਪਰੀਮ ਕੋਰਟ ਰਾਜੋਆਣਾ ਦੀ ਅੰਤ੍ਰਿਮ ਰਾਹਤ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ ਹੁਣ 5 ਦਸੰਬਰ ਨੂੰ ਹੋਵੇਗੀ।