ਤਿਰੂਵਨੰਤਪੁਰਮ, 4 ਅਕਤੂਬਰ
ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਸ਼ਾਮਲ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਦਾਅਵਾ ਕੀਤਾ ਕਿ ਕੁਝ ਪਾਰਟੀ ਆਗੂਆਂ ਨੇ ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਸੀ ਕਿ ਉਹ ਥਰੂਰ ਨੂੰ ਆਪਣੀ ਉਮੀਦਵਾਰੀ ਵਾਪਸ ਲੈਣ ਲਈ ਅਪੀਲ ਕਰਨ। ਚੋਣ ਪ੍ਰਚਾਰ ਲਈ ਕੇਰਲਾ ਪੁੱਜੇ ਥਰੂਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗਾਂਧੀ ਨੇ ਪਾਰਟੀ ਆਗੂਆਂ ਦੀ ਉਪਰੋਕਤ ਮੰਗ ਨੂੰ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੁਕਾਬਲੇ ਨਾਲ ਸਦੀ ਪੁਰਾਣੀ ਪਾਰਟੀ ਨੂੰ ਫਾਇਦਾ ਮਿਲੇਗਾ। ਇਸ ਤੋਂ ਪਹਿਲਾਂ ਅੱਜ ਦਿਨੇ ਥਰੂਰ ਨੇ ਕਿਹਾ ਕਿ ਉਨ੍ਹਾਂ ਪਾਰਟੀ ਦੇ ਵੱਡੇ ਆਗੂਆਂ ਤੋਂ ਹਮਾਇਤ ਮਿਲਣ ਦੀ ਕਦੇ ਵੀ ਉਮੀਦ ਨਹੀਂ ਕੀਤੀ ਤੇ ਹੁਣ ਵੀ ਉਨ੍ਹਾਂ ਨੂੰ ਅਜਿਹੀ ਕੋਈ ਆਸ ਨਹੀਂ ਹੈ, ਪਰ ਨਾਲੋ-ਨਾਲ ਉਨ੍ਹਾਂ ਨੂੰ ਹਰੇਕ ਤੋਂ ਹਮਾਇਤ ਦਰਕਾਰ ਵੀ ਹੈ। ਥਰੂਰ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ ਕੇਰਲਾ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਪ੍ਰਧਾਨ ਕੇ.ਸੁਧਾਕਰਨ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਬਜ਼ੁਰਗ ਆਗੂ ਮਲਿਕਾਰਜੁਨ ਖੜਗੇ ਦੀ ਹਮਾਇਤ ਦਾ ਜਨਤਕ ਤੌਰ ’ਤੇ ਐਲਾਨ ਕੀਤਾ ਹੈ। -ਪੀਟੀਆਈ