ਜੈਪੁਰ: ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਕੂਨਰ (75) ਦਾ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਅੱਜ ਪਾਰਟੀ ਆਗੂਆਂ ਵੱਲੋਂ ਦਿੱਤੀ ਗਈ ਹੈ। ਉਹ ਹਾਈਪਰਟੈਨਸ਼ਨ ਤੋਂ ਪੀੜਤ ਸਨ ਤੇ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ 12 ਨਵੰਬਰ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਨੇ ਗੁਰਮੀਤ ਸਿੰਘ ਕੂਨਰ ਨੂੰ ਭਾਜਪਾ ਆਗੂ ਸੁਰਿੰਦਰ ਪਾਲ ਸਿੰਘ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਸੀ। ਚੋਣ ਵਿਭਾਗ ਅਨੁਸਾਰ ਉਦੀਮਵਾਰ ਦੀ ਮੌਤ ਕਾਰਨ ਕਰਨਪੁਰ ਵਿਧਾਨ ਸਭਾ ਸੀਟ ਲਈ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ ਚੋਣ ਕਮਿਸ਼ਨ ਵੱਲੋਂ ਨਵੀਂ ਤਰੀਕ ਐਲਾਨੀ ਜਾਵੇਗੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੂਨਰ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। -ਪੀਟੀਆਈ