ਬਸ਼ੀਰਹਾਟ, 11 ਅਪਰੈਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜੇਕਰ ਪੱਛਮੀ ਬੰਗਾਲ ਦੇ ਲੋਕ ਆਖਣਗੇ ਤਾਂ ਉਹ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ। ਉਂਜ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 2 ਮਈ ਤੋਂ ਬਾਅਦ ਅਹੁਦਾ ਛੱਡਣਾ ਪਵੇਗਾ ਕਿਉਂਕਿ ਤ੍ਰਿਣਮੂਲ ਕਾਂਗਰਸ ਵਿਧਾਨ ਸਭਾ ਚੋਣਾਂ ਹਾਰੇਗੀ। ਜ਼ਿਕਰਯੋਗ ਹੈ ਕਿ ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਸੀਤਲਕੂਚੀ ’ਚ ਚੌਥੇ ਗੇੜ ਦੀ ਵੋਟਿੰਗ ਦੌਰਾਨ ਸੀਆਈਐੱਸਐੱਫ ਦੇ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਚਾਰ ਵਿਅਕਤੀਆਂ ਦੇ ਮਾਰੇ ਜਾਣ ਮਗਰੋਂ ਸ਼ਾਹ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।