ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸੂਬਾ ਸਰਕਾਰ ਨੇ 17 ਮਈ ਤੱਕ ਪਾਬੰਦੀਆਂ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਸੂਬੇ ਵਿੱਚ ਪਹਿਲਾਂ ਤੋਂ ਲੱਗੀਆਂ ਪਾਬੰਦੀਆਂ 17 ਤੱਕ ਜਾਰੀ ਰਹਿਣਗੀਆਂ। ਇਹ ਜਾਣਕਾਰੀ ਅੱਜ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਕੇ ਦਿੱਤੀ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਪਹਿਲਾਂ 3 ਮਈ ਤੋਂ 9 ਮਈ ਤੱਕ ਇਕ ਹਫ਼ਤੇ ਲਈ ਤਾਲਾਬੰਦੀ ਕੀਤੀ ਸੀ। ਇਸ ਦੌਰਾਨ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ ਜਦਕਿ ਸੜਕਾਂ ’ਤੇ ਆਵਾਜਾਈ ਬੰਦ ਰਹੇਗੀ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੇ ਗੈਰ-ਜ਼ਰੂਰੀ ਕੰਮ-ਧੰਦੇ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।