ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਅੱਜ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਧਰਮ ਨਿਰਪੱਖਤਾ ਨੂੰ ਆਪਣੀ ਰਾਜਨੀਤਕ ਮਲਕੀਅਤ ਮੰਨਦੀਆਂ ਹਨ ਤੇ ਧਰਮ ਨਿਰਪੱਖਤਾ ਦੀ ਮੂਲ ਸੰਵਿਧਾਨਕ ਭਾਵਨਾ ਨਾਲ ਧੋਖਾ ਕਰ ਰਹੀਆਂ ਹਨ। ਭਾਜਪਾ ਦੀ ਘੱਟ ਗਿਣਤੀ ਮੋਰਚਾ ਦੀ ਕੌਮੀ ਕਾਰਜਕਾਰਨੀ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਧਰਮ ਨਿਰਪੱਖਤਾ ਭਾਜਪਾ ਲਈ ਸੰਵਿਧਾਨਕ ਤੇ ਨੈਤਿਕ ਵਚਨਬੱਧਤਾ ਹੈ ਪਰ ਕਈ ਪਾਰਟੀਆਂ ਨੇ ਇਸ ਦੀ ਵੋਟ ਲੈਣ ਵਜੋਂ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਅੰਕੜਿਆਂ ਨਾਲ ਦਾਅਵਾ ਕਰਦਿਆਂ ਕਿਹਾ ਕਿ ਘੱਟ ਗਿਣਤੀਆਂ ਦੇ ਵੱਡੇ ਵਰਗ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਫਾਇਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬਾਂ ਨੂੰ ਘਰ ਬਣਾਉਣ, ਮੁਫਤ ਰਸੋਈ ਗੈਸ ਕੁਨੈਕਸ਼ਨ ਤੇ ਕਿਸਾਨਾਂ ਨੂੰ ਨਗ਼ਦ ਪੈਸੇ ਆਦਿ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਘੱਟ ਗਿਣਤੀ ਵਰਗ ਦੀਆਂ ਵੋਟਾਂ ਹਾਸਲ ਕਰਨ ਲਈ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤੇ ਅਫਵਾਹਾਂ ਫੈਲਾ ਕੇ ਵੋਟਾਂ ਹਾਸਲ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। -ਪੀਟੀਆਈ