ਨਵੀਂ ਦਿੱਲੀ, 26 ਸਤੰਬਰ
ਨਕਸਲੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਫੰਡਾਂ ਨੂੰ ਰੋਕਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਚ-ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਛੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਚਾਰ ਸੂਬਿਆਂ ਦੇ ਉਚ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਮਾਓਵਾਦੀਆਂ ਦੀਆਂ ਫਰੰਟ ’ਤੇ ਲੜਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ਕਾਰਵਾਈ ਕਰਨ, ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਕੌਮੀ ਜਾਂਚ ਏਜੰਸੀ ਅਤੇ ਵੱਖ ਵੱਖ ਸੂਬਿਆਂ ਦੀ ਪੁਲੀਸ ਵੱਲੋਂ ਨਕਸਲੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ’ਤੇ ਵਿਚਾਰ ਕੀਤਾ ਗਿਆ। ਗ੍ਰਹਿ ਮੰਤਰੀ ਨੇ ਨਕਸਲੀ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਅਤਿਵਾਦ ’ਤੇ ਕਾਬੂ ਪਾਉਣ ਲਈ ਵਧੇਰੇ ਸੁਰੱਖਿਆ ਕਰਮਚਾਰੀਆਂ ਤਾਇਨਾਤ ਕਰਨ ਸਣੇ ਸੜਕਾਂ, ਪੁਲਾਂ, ਸਕੂਲਾਂ ਤੇ ਸਿਹਤ ਕੇਂਦਰਾਂ ਦੀ ਉਸਾਰੀ ਦਾ ਵੀ ਜਾਇਜ਼ਾ ਲਿਆ। ਇਸੇ ਦੌਰਾਨ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਵਿੱਚ ਨਕਸਲਵਾਦ ਸਿਰਫ ਤਿੰਨ ਜ਼ਿਲ੍ਹਿਆਂ ਵਿੱਚ ਹੀ ਸੀਮਤ ਰਹਿ ਗਿਆ ਹੈ। ਮੀਟਿੰਗ ਵਿੱਚ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸ਼ਾਮਲ ਹੋਏ। ਪੱਛਮੀ ਬੰਗਾਲ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਕੇਰਲਾ ਦੇ ਮੁੱਖ ਮੰਤਰੀਆਂ ਨੂੰ ਵੀ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ ਪਰ ਇਨ੍ਹਾਂ ਚਾਰ ਰਾਜਾਂ ਦੀ ਪ੍ਰਤੀਨਿਧਤਾ ਕੁਝ ਰਾਜ ਮੰਤਰੀਆਂ ਜਾਂ ਉੱਚ ਅਧਿਕਾਰੀਆਂ ਨੇ ਕੀਤੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ, ਗਿਰੀਰਾਜ ਸਿੰਘ, ਤੇ ਅਰਜੁਨ ਮੁੰਡਾ ਨੇ ਵੀ ਸ਼ਮੂਲੀਅਤ ਕੀਤੀ।