ਰਤਨ ਸਿੰਘ ਢਿੱਲੋਂ
ਅੰਬਾਲਾ, 23 ਸਤੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਕਿ ਜੇ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿੱਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ। ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲੀਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਸੱਤ ਗਾਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ। ਕਾਂਗਰਸ ਨੇ ਵਾਅਦਾ ਕੀਤਾ ਹੈ ਕਿ ਜੇ ਸਰਕਾਰ ਬਣੀ ਤਾਂ ਉਹ ਔਰਤਾਂ ਨੂੰ 2000 ਰੁਪਏ ਮਾਣ ਭੱਤਾ ਦੇਵੇਗੀ ਅਤੇ ਕਰੀਮੀਲੇਅਰ ਲਈ ਆਮਦਨ ਸੀਮਾ 10 ਲੱਖ ਰੁਪਏ ਕੀਤੀ ਜਾਵੇਗੀ।