ਪੁਣੇ, 21 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵਿਰੋਧੀ ਧਿਰ ਦੇ ਕੱਦਾਵਰ ਆਗੂ ਤੇ ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਨੂੰ ਦੇਸ਼ ਵਿਚ ਭ੍ਰਿਸ਼ਟਾਚਾਰ ਦਾ ਸਰਗਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਵਾਰ ਨੇ ਭ੍ਰਿਸ਼ਟਾਚਾਰ ਨੂੰ ਸੰਸਥਾਗਤ ਬਣਾਇਆ। ਇਥੇ ਭਾਜਪਾ ਦੀ ਸੂਬਾਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਰਾਹੁਲ ਗਾਂਧੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਦੇ ਬਾਵਜੂਦ ਦਿਖਾਏ ਹੰਕਾਰ ਲਈ ਜੰਮ ਕੇ ਭੰਡਿਆ। ਉਨ੍ਹਾਂ ਸ਼ਿਵ ਸੈਨਾ (ਯੂਬੀਟੀ) ਦੇ ਪ੍ਰਧਾਨ ਊਧਵ ਠਾਕਰੇ ਨੂੰ ਔਰੰਗਜ਼ੇਬ ਫੈਨ ਕਲੱਬ ਦਾ ਮੁਖੀ ਦੱਸਿਆ, ਜੋ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਨਨ ਲਈ ਰਹਿਮ ਦੀ ਅਪੀਲ ਕਰਨ ਵਾਲੇ ਲੋਕਾਂ ਨਾਲ ਬੈਠਾ ਹੈ। ਸ਼ਾਹ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਮਹਾਯੂਤੀ ਅਗਾਮੀ ਮਹਾਰਾਸ਼ਟਰ ਅਸੈਂਬਲੀ ਚੋਣਾਂ ਵਿਚ 2014 ਤੇ 2019 ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰੇਗੀ। -ਪੀਟੀਆਈ