ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਵਾਰਾਨਸੀ ਦੀ ਗਿਆਨਵਾਪੀ ਮਸਜਿਦ ਮਾਮਲੇ ’ਚ ਸੋਸ਼ਲ ਮੀਡੀਆ ’ਤੇ ਕਥਿਤ ਇਤਰਾਜ਼ਯੋਗ ਪੋਸਟ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਰਤਨ ਲਾਲ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਦਿੱਲੀ ਪੁਲੀਸ ਨੇ ਸ਼ੁੱਕਰਵਾਰ ਰਾਤ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਰੋਹਿਣੀ ਦੀ ਅਦਾਲਤ ਨੇ ਪ੍ਰੋਫੈਸਰ ਨੂੰ 50,000 ਰੁਪਏ ਦੇ ਮੁਚੱਲਕੇ ਅਤੇ ਇੰਨੀ ਹੀ ਰਕਮ ’ਤੇ ਜ਼ਮਾਨਤ ਭਰਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ। ਪ੍ਰੋਫੈਸਰ ਖ਼ਿਲਾਫ਼ ਉੱਤਰੀ ਜ਼ਿਲ੍ਹੇ ਦੇ ਸਾਈਬਰ ਪੁਲੀਸ ਸਟੇਸ਼ਨ ਵਿੱਚ ਧਾਰਾ 153ਏ ਤੇ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਦਿੱਲੀ ਪੁਲੀਸ ਕੋਲ ਡਾ. ਰਤਨ ਲਾਲ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਦਿੱਤੀ ਸੀ। ਦਿੱਲੀ ਪੁਲੀਸ ਨੇ ਮੰਗਲਵਾਰ ਮੁਕੱਦਮਾ ਦਰਜ ਕੀਤਾ ਸੀ। ਇਸ ਉਤੇ ਕਾਰਵਾਈ ਕਰਦਿਆਂ ਪੁਲੀਸ ਨੇ ਪ੍ਰੋ. ਰਤਨ ਲਾਲ ਨੂੰ ਸ਼ੁੱਕਰਵਾਰ ਰਾਤ ਗ੍ਰਿਫ਼ਤਾਰ ਕੀਤਾ। ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਲਾਲ ਨੇ ਹਾਲ ਹੀ ਵਿਚ ਸ਼ਿਵਲਿੰਗ ’ਤੇ ਅਪਮਾਨਜਨਕ, ਭੜਕਾਊ ਟਵੀਟ ਸਾਂਝਾ ਕੀਤਾ ਸੀ। ਪ੍ਰੋ. ਰਤਨ ਲਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਅੱਜ ਵਿਦਿਆਰਥੀਆਂ ਵੱਲੋਂ ਦਿੱਲੀ ਯੂਨੀਵਰਸਿਟੀ ਦੀ ਆਰਟ ਫੈਕਲਟੀ ਕੋਲ ਰੋਸ ਪ੍ਰਦਰਸ਼ਨ ਕੀਤਾ।