ਪ੍ਰਭੂ ਦਿਆਲ
ਸਿਰਸਾ, 6 ਫਰਵਰੀ
ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਹੋਰ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਕਿਸਾਨ ਮਹਾਂਪੰਚਾਇਤ ਕੀਤੀ। ਕਿਸਾਨ ਮਹਾਂ ਪੰਚਾਇਤ ਵਿੱਚ ਜਿਥੇ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਨੇ ਸ਼ਿਰਕਤ ਕੀਤੀ ਉਥੇ ਹੀ ਹਰਿਆਣਾ ਤੋਂ ਇਲਾਵਾ ਪੰਜਾਬ, ਰਾਜਸਥਾਨ, ਕਰਨਾਟਕ ਤੇ ਤਾਮਿਲਨਾਡੂ ਤੋਂ ਕਿਸਾਨ ਆਗੂਆਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੂਬਿਆਂ ਦੇ ਕਿਸਾਨ ਹਰਿਆਣਾ ਦੇ ਕਿਸਾਨਾਂ ਦੇ ਨਾਲ ਹਨ। ਮਹਾਂਪੰਚਾਇਤ ਦੌਰਾਨ ਕਿਸਾਨ ਆਗੂਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਹੋਰ ਮੰਗਾਂ ਦੇ ਪੂਰੀਆਂ ਹੋਣ ਤੱਕ ਪੱਕਾ ਮੋਰਚਾ ਜਾਰੀ ਰੱਖਣ ਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ। ਜ਼ਿਕਰਯੋਗ ਹੈ ਕਿ ਸਾਲ 2020 ਦੀ ਸਾਉਣੀ ਫ਼ਸਲ ਦੇ ਖਰਾਬੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਦਿੱਲੀ ਦੀ ਤਰਜ ‘ਤੇ ਆਪਣੇ ਟਰੈਕਟਰ ਟਰਾਲੀਆਂ ਨਾਲ ਮਿੰਨੀ ਸਕੱਤਰੇਤ ਦੇ ਬਾਹਰ 16 ਜਨਵਰੀ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਕਿਸਾਨ ਮੌਜੂਦ ਸਨ।